ਪਟਿਆਲਾ ਵਿੱਚ ਅਕਾਲੀ ਦਲ ਦਾ ਚੋਣ ਪ੍ਰਚਾਰ ਤੇਜ਼, ਸਰਕਾਰੀ ਧੱਕੇਸ਼ਾਹੀ ਵਿਰੁੱਧ ਡਟਣ ਦਾ ਦਿੱਤਾ ਭਰੋਸਾ
Shiromani Akali Dal: ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਅੱਜ ਪਾਰਟੀ ਆਗੂਆਂ ਨੇ ਇਲਾਕੇ ਵਿੱਚ ਚੋਣ ਪ੍ਰਚਾਰ ਕਰਦਿਆਂ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਤਰ੍ਹਾਂ ਦਾ ਸਰਕਾਰੀ ਧੱਕਾ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਸੰਵਿਧਾਨ ਅਤੇ ਕਾਨੂੰਨ ਦੇ ਦਾਇਰੇ ਤੋਂ ਬਾਹਰ ਜਾ ਕੇ ਕੰਮ ਕਰਦਾ ਹੈ ਤਾਂ ਉਸ ਨੂੰ ਅਦਾਲਤ ਵਿੱਚ ਆਪਣੀ ਜਵਾਬਦੇਹੀ ਦੇਣ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਖੜ੍ਹਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਵਿਰੁੱਧ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰਦਾ ਰਹੇਗਾ।
ਇਸ ਚੋਣ ਪ੍ਰਚਾਰ ਦੌਰਾਨ ਹਲਕਾ ਦਿਹਾਤੀ ਪਟਿਆਲਾ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਾਜਾਜ, ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਮਿਤ ਸਿੰਘ ਰਾਠੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ, ਇਸਤਰੀ ਅਕਾਲੀ ਦਲ ਪਟਿਆਲਾ ਦੀ ਇੰਚਾਰਜ ਬੀਬੀ ਸ਼ਮਿੰਦਰ ਕੌਰ ਸੰਧੂ ਅਤੇ ਮਲਵਿੰਦਰ ਮਾਲੀ ਵੀ ਮੌਜੂਦ ਰਹੇ।