ਨਿਸ਼ਾਨ ਸਾਹਿਬ ਦੀ ਬੇਅਦਬੀ ਮਾਮਲੇ ‘ਚ ‘AAP’ ਦੇ 2 MC ਵਿਵਾਦਾਂ ‘ਚ, ਨਿਹੰਗ ਜਥੇਬੰਦੀਆਂ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ
ਗੁਰਦਾਸਪੁਰ: ਕਾਦੀਆਂ ਨੇੜਲੇ ਪਿੰਡ ਢੱਲਾ ਮੋੜ ਵਿੱਚ ਨਿਸ਼ਾਨ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਐਮਸੀ ਗਗਨਦੀਪ ਸਿੰਘ ਅਤੇ ਸਾਬਕਾ ਐਮਸੀ ਵਿਜੇ ਕੁਮਾਰ ‘ਤੇ ਜੇਸੀਬੀ ਮਸ਼ੀਨ ਦੀ ਮਦਦ ਨਾਲ ਨਿਸ਼ਾਨ ਸਾਹਿਬ ਨੂੰ ਡੇਗਣ ਦੇ ਗੰਭੀਰ ਦੋਸ਼ ਲਗਾਏ ਗਏ ਹਨ।
ਇਸ ਸਬੰਧੀ ਪਿੰਡ ਢੱਲਾ ਦੇ ਵਸਨੀਕ ਮੰਗਲ ਸਿੰਘ ਨੇ ਥਾਣਾ ਕਾਦੀਆਂ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਮੁਤਾਬਕ, ਉਨ੍ਹਾਂ ਨੇ ਆਪਣੀ ਕੁਝ ਜ਼ਮੀਨ ਗੁਰਦੁਆਰਾ ਸਾਹਿਬ ਲਈ ਭੇਟ ਕੀਤੀ ਸੀ, ਜਿੱਥੇ ਨਿਸ਼ਾਨ ਸਾਹਿਬ ਸਥਾਪਿਤ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਬੀਤੀ ਰਾਤ ਮੌਜੂਦਾ ਐਮਸੀ ਗਗਨਦੀਪ ਸਿੰਘ ਅਤੇ ਸਾਬਕਾ ਐਮਸੀ ਵਿਜੇ ਕੁਮਾਰ ਨੇ ਜੇਸੀਬੀ ਮਸ਼ੀਨ ਦੀ ਮਦਦ ਨਾਲ ਨਿਸ਼ਾਨ ਸਾਹਿਬ ਨੂੰ ਡੇਗ ਦਿੱਤਾ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ ਸਹੀ ਸਾਬਤ ਹੋਣ ‘ਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਬੇਅਦਬੀ ਦੇ ਦੋਸ਼ਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਦੂਜੇ ਪਾਸੇ, ਮੌਜੂਦਾ ਐਮਸੀ ਗਗਨਦੀਪ ਸਿੰਘ ਨੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਜ਼ਮੀਨ ਨੂੰ ਲੈ ਕੇ ਮੰਗਲ ਸਿੰਘ ਦਾਅਵਾ ਕਰ ਰਹੇ ਹਨ, ਉਸ ਦੀ ਰਜਿਸਟਰੀ ਉਨ੍ਹਾਂ ਦੀ ਮਾਤਾ ਦੇ ਨਾਂ ‘ਤੇ ਹੈ।
ਫਿਲਹਾਲ ਇਸ ਮਾਮਲੇ ਵਿੱਚ ਦੋਵੇਂ ਧਿਰਾਂ ਵੱਲੋਂ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ। ਉੱਧਰ, ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇਗੀ।