ਦਿੱਲੀ ’ਚ 8ਵੀਂ ਜਮਾਤ ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ
- ਦੋ ਨਾਬਾਲਗ ਹਿਰਾਸਤ ’ਚ
- 4-5 ਦਿਨ ਪਹਿਲਾਂ ਹੋਇਆ ਸੀ ਝਗੜਾ
- ਪੁਰਾਣੀ ਰੰਜਿਸ਼ ਤਹਿਤ ਵਾਰਦਾਤ ਨੂੰ ਅੰਜਾਮ ਦੇਣ ਦਾ ਸ਼ੱਕ
ਨਵੀਂ ਦਿੱਲੀ: ਦਿੱਲੀ ਦੇ ਪੂਰਬੀ ਇਲਾਕੇ ਕੋਟਲਾ ਪਿੰਡ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ 14 ਸਾਲਾ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਵਨ ਪ੍ਰੇਮਚੰਦ ਵਜੋਂ ਹੋਈ ਹੈ, ਜੋ 8ਵੀਂ ਜਮਾਤ ਵਿੱਚ ਪੜ੍ਹਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਨਾਬਾਲਗਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਪੁਲਿਸ ਮੁਤਾਬਕ ਪਵਨ ਅਤੇ ਮੁਲਜ਼ਮਾਂ ਵਿਚਾਲੇ 4-5 ਦਿਨ ਪਹਿਲਾਂ ਝਗੜਾ ਹੋਇਆ ਸੀ। ਇਸੇ ਰੰਜਿਸ਼ ਕਾਰਨ ਕਤਲ ਕੀਤੇ ਜਾਣ ਦਾ ਸ਼ੱਕ ਹੈ। ਸ਼ਨੀਵਾਰ ਨੂੰ ਸਕੂਲ ਤੋਂ ਘਰ ਪਰਤਣ ਮਗਰੋਂ ਪਵਨ ਖੇਡਣ ਲਈ ਬਾਹਰ ਗਿਆ ਸੀ। ਇਸ ਦੌਰਾਨ ਉਸ ’ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਲਾਲ ਬਹਾਦਰ ਸ਼ਾਸਤਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ ਦੋਵਾਂ ਨਾਬਾਲਗਾਂ ਤੋਂ ਪੁੱਛਗਿੱਛ ਮਗਰੋਂ ਕਤਲ ਵਿੱਚ ਵਰਤਿਆ ਚਾਕੂ ਬਰਾਮਦ ਕਰ ਲਿਆ ਹੈ। ਇਸ ਤੋਂ ਇਲਾਵਾ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿੱਚ ਲਈ ਗਈ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਵਾਰਦਾਤ ਵਿੱਚ ਹੋਰ ਕੋਈ ਵਿਅਕਤੀ ਵੀ ਸ਼ਾਮਲ ਸੀ ਜਾਂ ਨਹੀਂ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਹਸਪਤਾਲ ਵਿੱਚ ਰੱਖੀ ਗਈ ਹੈ।