ਡਿਲਿਮਿਟੇਸ਼ਨ ਬਿੱਲ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਭਾਜਪਾ ਨੇ ਅੱਜ ਸੱਦੀ ਸੰਸਦੀ ਦਲ ਦੀ ਮੀਟਿੰਗ
- 30 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸੰਸਦ ਮੈਂਬਰਾਂ ਨੂੰ ਦਿੱਤੀ ਜਾਵੇਗੀ ਬਿੱਲ ਬਾਰੇ ਜਾਣਕਾਰੀ
- ਰਾਹੁਲ ਗਾਂਧੀ ਨੇ ਭਾਜਪਾ ਦੀ ਮਨਸ਼ਾ ’ਤੇ ਚੁੱਕੇ ਸਵਾਲ
ਨਵੀਂ ਦਿੱਲੀ: ਪ੍ਰਸਤਾਵਿਤ ਡਿਲਿਮਿਟੇਸ਼ਨ ਬਿੱਲ 2026 ਨੂੰ ਲੈ ਕੇ ਦੇਸ਼ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ 29 ਨਵੰਬਰ ਨੂੰ ਆਪਣੇ ਸੰਸਦੀ ਦਲ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਪ੍ਰਸਤਾਵਿਤ ਬਿੱਲ ਅਤੇ ਇਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਡਿਲਿਮਿਟੇਸ਼ਨ ਬਿੱਲ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਭਾਜਪਾ ਆਪਣੇ ਸੰਸਦ ਮੈਂਬਰਾਂ ਨੂੰ ਪੂਰੇ ਮਾਮਲੇ ਬਾਰੇ ਜਾਣੂ ਕਰਵਾਉਣਾ ਚਾਹੁੰਦੀ ਹੈ, ਤਾਂ ਜੋ ਇਸ ਮੁੱਦੇ ’ਤੇ ਪਾਰਟੀ ਦਾ ਪੱਖ ਸਪੱਸ਼ਟ ਕੀਤਾ ਜਾ ਸਕੇ।
ਸੰਸਦ ਦਾ ਵਿਸ਼ੇਸ਼ ਸੈਸ਼ਨ 30 ਨਵੰਬਰ ਤੋਂ ਸ਼ੁਰੂ ਹੋਣਾ ਪ੍ਰਸਤਾਵਿਤ ਹੈ। ਇਸ ਦੌਰਾਨ ਹਲਕਿਆਂ ਦੀ ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਨਾਲ ਸਬੰਧਤ ਬਿੱਲਾਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਲਈ ਭਾਜਪਾ ਦੀ ਇਹ ਮੀਟਿੰਗ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਰਾਹੁਲ ਗਾਂਧੀ ਨੇ ਭਾਜਪਾ ਦੀ ਮਨਸ਼ਾ ’ਤੇ ਚੁੱਕੇ ਸਵਾਲ
ਦੂਜੇ ਪਾਸੇ, ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਦੋਸ਼ ਲਾਇਆ ਕਿ ਭਾਜਪਾ ਹਲਕਿਆਂ ਦੀ ਹੱਦਬੰਦੀ ਰਾਹੀਂ ਦੇਸ਼ ਦਾ ਚੋਣ ਨਕਸ਼ਾ ਮੁੜ ਤਿਆਰ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਰਾਹੁਲ ਗਾਂਧੀ ਨੇ ਸਵਾਲ ਉਠਾਇਆ ਕਿ ਜਦੋਂ ਮਹਿਲਾ ਰਾਖਵਾਂਕਰਨ ਬਿੱਲ ਪਹਿਲਾਂ ਹੀ ਪਾਸ ਹੋ ਚੁੱਕਾ ਹੈ ਤਾਂ ਲੋਕ ਸਭਾ ਦੀਆਂ ਸੀਟਾਂ ਵਧਾ ਕੇ 850 ਕਰਨ ਦੀ ਲੋੜ ਕਿਉਂ ਪੈ ਰਹੀ ਹੈ ? ਡਿਲਿਮਿਟੇਸ਼ਨ ਅਤੇ ਲੋਕ ਸਭਾ ਦੀਆਂ ਸੀਟਾਂ ਵਧਾਉਣ ਦਾ ਮੁੱਦਾ ਹੁਣ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਿਆਸੀ ਚਰਚਾ ਦਾ ਕੇਂਦਰ ਬਣ ਗਿਆ ਹੈ।