ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ
ਚੰਡੀਗੜ੍ਹ: ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਰੈਸਟੋਰੈਂਟ ਅੰਦਰ ਹੋਈ ਹਿੰਸਕ ਝੜਪ ਅਤੇ ਗੋਲ਼ੀਬਾਰੀ ਦੇ ਮਾਮਲੇ ਵਿੱਚ ਪੀਲ ਰੀਜਨਲ ਪੁਲੀਸ ਨੇ ਦੋ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੀ ਮੇਜਰ ਕਰਾਈਮ ਯੂਨਿਟ ਵੱਲੋਂ ਕੀਤੀ ਜਾਂਚ ਦੌਰਾਨ ਮੁਲਜ਼ਮਾਂ ਦੀ ਪਛਾਣ 29 ਸਾਲਾ ਪ੍ਰਭਜੋਤ ਨਾਗਰਾ ਅਤੇ 34 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ।
ਪੁਲੀਸ ਮੁਤਾਬਕ, ਘਟਨਾ 10 ਅਕਤੂਬਰ ਨੂੰ ਤੜਕੇ 1:27 ਵਜੇ ਦੇ ਕਰੀਬ ਏਅਰਪੋਰਟ ਰੋਡ ਅਤੇ ਕੋਟਰੇਲ ਬੁਲੇਵਾਰਡ ਨੇੜੇ ਸਥਿਤ ਇੱਕ ਰੈਸਟੋਰੈਂਟ ਵਿੱਚ ਵਾਪਰੀ ਸੀ। ਉੱਥੇ ਗੋਲ਼ੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ’ਤੇ ਪਹੁੰਚੀ। ਜਾਂਚ ਵਿੱਚ ਸਾਹਮਣੇ ਆਇਆ ਕਿ ਰੈਸਟੋਰੈਂਟ ਅੰਦਰ ਹੋਈ ਬਹਿਸ ਨੇ ਹਿੰਸਕ ਰੂਪ ਧਾਰ ਲਿਆ। ਇਸ ਦੌਰਾਨ ਇੱਕ ਵਿਅਕਤੀ ਦੇ ਸਿਰ ’ਤੇ ਕਥਿਤ ਤੌਰ ’ਤੇ ਬੰਦੂਕ ਨਾਲ ਵਾਰ ਕੀਤਾ ਗਿਆ ਅਤੇ ਗੋਲ਼ੀ ਵੀ ਚਲਾਈ ਗਈ। ਹਮਲੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਗਈ।
ਇਸ ਮਾਮਲੇ ਵਿੱਚ ਪੁਲੀਸ ਨੇ 5 ਨਵੰਬਰ ਨੂੰ ਪਹਿਲੀ ਗ੍ਰਿਫ਼ਤਾਰੀ ਕਰਦਿਆਂ ਪ੍ਰਭਜੋਤ ਨਾਗਰਾ ਨੂੰ ਕਾਬੂ ਕੀਤਾ। ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੇ ਇਰਾਦੇ ਨਾਲ ਗੋਲ਼ੀ ਚਲਾਉਣ, ਹਥਿਆਰ ਦੀ ਲਾਪਰਵਾਹੀ ਨਾਲ ਵਰਤੋਂ, ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ, ਹਥਿਆਰ ਨਾਲ ਹਮਲਾ ਕਰਨ ਅਤੇ ਅਦਾਲਤੀ ਹੁਕਮਾਂ ਤੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਸਮੇਤ ਕਈ ਦੋਸ਼ ਲਗਾਏ ਗਏ ਹਨ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਜ਼ਮਾਨਤ ਸਬੰਧੀ ਸੁਣਵਾਈ ਲਈ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਬਰੈਂਪਟਨ ਦੀ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਕੀਤਾ ਗਿਆ।
ਪੁਲੀਸ ਨੇ 11 ਨਵੰਬਰ ਨੂੰ ਦੂਜੇ ਮੁਲਜ਼ਮ ਗੁਰਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਸ ’ਤੇ ਹਮਲਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਹਨ। ਪੁਲੀਸ ਅਨੁਸਾਰ, ਗੁਰਵਿੰਦਰ ਸਿੰਘ ਨੂੰ ਕੁਝ ਸ਼ਰਤਾਂ ਤਹਿਤ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਆਉਣ ਵਾਲੇ ਦਿਨਾਂ ਵਿੱਚ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।
ਪੀਲ ਰੀਜਨਲ ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਨਾਲ ਸਬੰਧਤ ਕੋਈ ਜਾਣਕਾਰੀ ਜਾਂ ਸਬੂਤ ਹਨ ਤਾਂ ਉਹ ਮੇਜਰ ਕਰਾਈਮ ਯੂਨਿਟ ਨਾਲ ਸਾਂਝੇ ਕਰਨ। ਕਾਨੂੰਨੀ ਪ੍ਰਕਿਰਿਆ ਅਨੁਸਾਰ, ਅਦਾਲਤ ਵੱਲੋਂ ਦੋਸ਼ ਸਾਬਤ ਹੋਣ ਤੱਕ ਦੋਵੇਂ ਮੁਲਜ਼ਮ ਬੇਕਸੂਰ ਮੰਨੇ ਜਾਣਗੇ।