Sukhbir Singh Badal president of Shiromani Akali Dal: ਅੱਜ ਯਾਨੀ 12 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਚਾਰ ਚਰਚਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।
ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਪੇਸ਼ ਕੀਤਾ ਜਿਸਦੀ ਤਾਈਦ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਕੀਤੀ ਜਦੋਂ ਕਿ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਤਾਈਦ ਦੀ ਮਜੀਦ ਕੀਤੀ। ਮੁੱਖ ਚੋਣ ਅਫਸਰ ਗੁਲਜ਼ਾਰ ਸਿੰਘ ਰਣੀਕੇ ਨੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਵਿਚ ਜੇਤੂ ਕਰਾਰ ਦਿੱਤਾ।
ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਤੇ ਡਾਕਟਰ ਦਲਜੀਤ ਸਿੰਘ ਚੀਮਾ ਸਣੇ ਹੋਰ ਲੀਡਰਾਂ ਨੇ ਪਹਿਲਾਂ ਮਤੇ ਪੜੇ ਅਤੇ ਉਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਹੁਕਮਨਾਮੇ ਤੋਂ ਬਾਅਦ ਜਿਥੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕੀਤਾ ਸੀ, ਉਥੇ ਹੀ ਨਵੀਂ ਭਰਤੀ ‘ਤੇ ਡੈਲੀਗੇਟ ਬਣਾ ਕੇ ਨਵੇਂ ਪ੍ਰਧਾਨ ਦੀ ਚੋਣ ਵੀ ਜਲਦ ਕਰਾਉਣ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਬਾਹਰੀ ਸੂਬਿਆਂ ਵਿਚ ਵੱਡੀ ਗਿਣਤੀ ਵਿਚ ਵਰਕਰ ਜੋੜਣ ਦਾ ਦਾਅਵਾ ਕਰਦਿਆਂ ਅਤੇ ਸਾਰੀ ਚੋਣ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਹ ਇਜਲਾਸ ਰੱਖਿਆ ਸੀ।
ਭਾਵੇਂ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਆਗੂ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ 7 ਮੈਂਬਰੀ ਭਰਤੀ ਨਿਗਰਾਨ ਕਮੇਟੀ ਦੇ ਪੰਜ ਮੈਂਬਰਾਂ ਦੀ ਅਗਵਾਈ ਵਿਚ 18 ਮਾਰਚ ਤੋਂ ਵੱਖਰੀ ਭਰਤੀ ਸ਼ੁਰੂ ਕਰਕੇ ਲਗਾਤਾਰ ਭਰਤੀ ਕਰ ਰਹੇ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਸ ਇਜਲਾਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਦੇ ਹੁਕਮਨਾਮੇ ਮੁਤਾਬਿਕ ਗਲਤ ਕਹਿ ਰਹੇ ਸਨ ਪਰ ਅਕਾਲੀ ਦਲ ਇਹ ਸਾਰੀ ਪ੍ਰਕਿਰਆ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਕਰਦਾ ਹੋਇਆ ਪ੍ਰਧਾਨ ਦੀ ਚੋਣ ਕਰਵਾਉਣ ਜਾ ਰਿਹਾ ਹੈ। ਡੈਲੀਗੇਟਾਂ ਵੱਲੋਂ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਇਜਲਾਸ ਵਿਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ ।ਗੁਲਜ਼ਾਰ ਸਿੰਘ ਰਣੀਕੇ ਨੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਵਿਚ ਜੇਤੂ ਕਰਾਰ ਦਿੱਤਾ।