Drug Smugglers in Punjab: ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
Yudh Nashian Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 47ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.7 ਕਿਲੋਹੈਰੋਇਨ, 2.6 ਕਿਲੋ ਅਫੀਮ ਅਤੇ 1.08 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 47 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6284 ਹੋ ਗਈ ਹੈ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
554 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 499 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 554 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।