Professor Jaswant Singh Gajjanmajra;ਵਿਧਾਇਕ ਅਮਰਗੜ੍ਹ ਪ੍ਰੌਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਅਧੀਨ ਹਲਕੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਲੜਾਈ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਪਿੰਡ ਭੜੀ ਮਾਨਸਾ, ਬਾਗੜੀਆਂ ਅਤੇ ਰਾਏਪੁਰ ਪੁੱਜੀ।
ਵਿਧਾਇਕ ਅਮਰਗੜ੍ਹ ਪ੍ਰੌਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਭੜੀ ਮਾਨਸਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਸੀ ਵਿਰੋਧਤਾ ਤੋਂ ਉਪਰ ਉਠਕੇ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਰੁੱਖ ਅਖਤਿਆਰ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਬਚਾ ਸਕਾਂਗੇ । ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਹੀਂ ਕਰਨਗੇ ਤਾਂ ਜੋ ਅਸੀ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਸਕੀਏ । ਉਨ੍ਹਾਂ ਪਿੰਡ ਨਿਵਾਸੀਆਂ ਨੂੰ ਕਿਹਾ ਕਿ ਸਰਕਾਰੀ ਉਪਰਾਲਿਆਂ ਨਾਲ ਨਾਲ ਸਮੂਹ ਸਮਾਜ ਦੀ ਭਾਗੀਦਾਰੀ ਵੀ ਬੇਹੱਦ ਜਰੂਰੀ ਹੈ।
ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਦੀ ਧਾਰਾ ਵਿੱਚ ਮੁੜ ਜੁੜ ਸਕਣ।
ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਇੱਕ ਅਵਾਜ ਬੁਲੰਦ ਕਰੀਏ ਅਤੇ ਸਰਕਾਰ ਦਾ ਹਰ ਤਰ੍ਹਾਂ ਸਾਥ ਦੇ ਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਨਸ਼ਾ ਮੁਕਤ ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਕਰੀਏ । ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਪੁਲਿਸ ਵਲੋਂ ਪੁਲਿਸ ਨਿਰਪੱਖਤਾ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨ ਦੀ ਮੁੜ ਅਪੀਲ ਵੀ ਕੀਤੀ । ਇਸ ਉਪਰੰਤ ਨਸ਼ਾ ਮੁਕਤੀ ਯਾਤਰਾ’ ਪਿੰਡ ਭੜੀ ਮਾਨਸਾ ਹੁੰਦੀ ਹੋਈ ਬਾਗੜੀਆਂ ਅਤੇ ਰਾਏਪੁਰ ਵੀ ਪੁੱਜੀ ।
ਇਸ ਮੌਕੇ ਡੀਐਸਪੀ ਦਵਿੰਦਰ ਸਿੰਘ ਸੰਧੂ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ, ਸਰਪੰਚ ਪਿੰਡ ਭੜੀ ਮਾਨਸਾ ਗੁਰਜੰਟ ਸਿੰਘ, ਸਰਪੰਚ ਮਨੀ ਨੰਗਲ, ਪੀਏ ਰਜੀਵ ਕੁਮਾਰ, ਨਵਜੀਤ ਸਿੰਘ, ਫਰਦੀਪ ਸਿੰਘ ਹਾਜ਼ਰ ਸਨ।