Farmers Protest: ਡੱਲੇਵਾਲ ਦੇ ਮਸਲੇ ‘ਤੇ ਸੁਪਰੀਮ ਕੋਰਟ ਸਖ਼ਤ, ਹੁਕਮਾਂ ਦੀ ਪਾਲਣਾ ਕਰਨ ‘ਚ ਅਸਫਲ, ਕੇਂਦਰ ਮਦਦ ਕਰੇ
Supreme Court on Jagjit Singh Dallewal: ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਉਣ ਲਈ ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਵਲ ਭੁਇਆਂ ਦੀ ਛੁੱਟੀ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਪਹਿਲਾਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਫੱਟਕਾਰ ਲਗਾਈ।
ਸੂਬਾ ਸਰਕਾਰ ਹਦਾਇਤਾਂ ਦੀ ਪਾਲਣਾ ਕਰੇ- ਸੁਪਰੀਮ ਕੋਰਟ
ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਬੈਂਚ ਨੂੰ ਦੱਸਿਆ ਕਿ ਮਾਹਿਰਾਂ ਦੀ ਟੀਮ ਨੇ ਧਰਨੇ ਵਾਲੀ ਥਾਂ ਦਾ ਦੌਰਾ ਕੀਤਾ ਤੇ ਡੱਲੇਵਾਲ ਨੂੰ ਹਸਪਤਾਲ ਲਿਜਾਣ ਅਤੇ ਡਾਕਟਰੀ ਸਹਾਇਤਾ ਲੈਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ।
ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਹ ਡੱਲੇਵਾਲ ਨੂੰ ਹਸਪਤਾਲ ਭੇਜਣ ਤੋਂ ਅਸਮਰੱਥ ਹੈ ਕਿਉਂਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਨਹੀਂ ਜਾਣ ਦੇ ਰਹੇ ਸੀ। ਇਸ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਮਾਹਿਰਾਂ ਦੀ ਟੀਮ ਨੇ ਡੱਲੇਵਾਲ ਨੂੰ ਹਸਪਤਾਲ ਭੇਜਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਇਸ ਨੂੰ ਅੰਦੋਲਨ ਦੇ ਮਕਸਦ ਨੂੰ ਕਮਜ਼ੋਰ ਕਰਾਰ ਦਿੰਦਿਆਂ ਰੱਦ ਕਰ ਦਿੱਤਾ।
ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਅਦਾਲਤ ਨੇ ਕਿਹਾ ਕਿ ਡੱਲੇਵਾਲ ਨੂੰ ਹਸਪਤਾਲ ਨਾ ਭੇਜਣ ਵਾਲੇ ਕਿਸਾਨ ਆਗੂ ਉਸ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਗੁਨਾਹ ਕਰ ਰਹੇ ਹਨ। ਅਦਾਲਤ ਨੇ ਕਿਹਾ ਕਿ ਡੱਲੇਵਾਲ ਆਪਣੇ ਸਾਥੀਆਂ ਦੇ ਦਬਾਅ ਹੇਠ ਹੈ ਅਤੇ ਉਸ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂ ਉਸ ਦੇ ਸ਼ੁਭਚਿੰਤਕ ਨਹੀਂ ਹਨ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਕੇਂਦਰ ਤੋਂ ਮਦਦ ਲੈਣ ਦੀ ਇਜਾਜ਼ਤ ਦਿੰਦਿਆਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਉਸ ਦੀਆਂ ਹਦਾਇਤਾਂ ਦੀ ਪਾਲਣਾ ਕਰੇਗੀ।