Punjab Police: ਮੁਲਜ਼ਮਾਂ ਦੇ ਕਬਜ਼ੇ ਚੋਂ ਤਿੰਨ ਮੋਬਾਈਲ ਫੋਨ ਅਤੇ .30 ਬੋਰ ਦੇ ਅੱਠ ਕਾਰਤੂਸ ਬਰਾਮਦ ਕੀਤੇ ਹਨ। ਜ਼ਬਤ ਕੀਤੇ ਗਏ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ।
Pakistani Spy arrested from Gurdaspur: ਗੁਰਦਾਸਪੁਰ ਪੁਲਿਸ ਨੇ ਇੱਕ ਵੱਡੀ ਜਾਸੂਸੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਨੂੰ ਸੰਵੇਦਨਸ਼ੀਲ ਫੌਜੀ ਜਾਣਕਾਰੀ ਪ੍ਰਦਾਨ ਕਰਨ ਵਿੱਚ ਸ਼ਾਮਲ ਹਨ। ਦੱਸ ਦਈਏ ਕਿ ਫੜੇ ਗਏ ਮੁਲਜ਼ਮਾਂ ਦੇ ਨਾਂਅ ਸੁਖਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਹਨ ਜੋ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਲੀਕ ਕਰ ਰਹੇ ਸੀ।
ਪੁਲਿਸ ਨੇ ਖੁਫੀਆ ਸੂਤਰਾਂ ਤੋਂ ਮਿਲੀ ਠੋਸ ਜਾਣਕਾਰੀ ਦੇ ਆਧਾਰ ‘ਤੇ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਵਿਅਕਤੀ ਆਪ੍ਰੇਸ਼ਨ ਸਿੰਦੂਰ ਨਾਲ ਸਬੰਧਤ ਗੁਪਤ ਜਾਣਕਾਰੀ, ਜਿਸ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਫੌਜ ਦੀਆਂ ਗਤੀਵਿਧੀਆਂ ਅਤੇ ਰਣਨੀਤਕ ਸਥਾਨਾਂ ਬਾਰੇ ਜਾਣਕਾਰੀ ਆਈਐਸਆਈ ਏਜੰਟਾਂ ਨਾਲ ਸਾਂਝੀ ਕਰ ਰਹੇ ਸੀ।
ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਚੋਂ ਤਿੰਨ ਮੋਬਾਈਲ ਫੋਨ ਅਤੇ .30 ਬੋਰ ਦੇ ਅੱਠ ਕਾਰਤੂਸ ਬਰਾਮਦ ਕੀਤੇ ਹਨ। ਜ਼ਬਤ ਕੀਤੇ ਗਏ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਨੇ ਇਸ ਜਾਸੂਸੀ ਗਤੀਵਿਧੀ ਦੀ ਪੁਸ਼ਟੀ ਕੀਤੀ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਸਿੱਧੇ ਤੌਰ ‘ਤੇ ਆਈਐਸਆਈ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਭਾਰਤੀ ਹਥਿਆਰਬੰਦ ਸੈਨਾਵਾਂ ਨਾਲ ਸਬੰਧਤ ਬਹੁਤ ਸਾਰੀਆਂ ਸੰਵੇਦਨਸ਼ੀਲ ਜਾਣਕਾਰੀਆਂ ਪਾਕਿਸਤਾਨ ਨੂੰ ਭੇਜੀਆਂ ਸੀ। ਇਸ ਮਾਮਲੇ ਵਿੱਚ, ਦੋਰੰਗਲਾ ਪੁਲਿਸ ਸਟੇਸ਼ਨ ਵਿੱਚ ਅਧਿਕਾਰਤ ਗੁਪਤ ਕਾਨੂੰਨ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ।