Punjab Politics: ਸੁਖਦੇਵ ਸਿੰਘ ਢੀਂਡਸਾ ਨੂੰ 27 ਮਈ 2025 ਨੂੰ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ।
Sukhdev Singh Dhindsa Passed Away: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ (89) ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸੀ। ਢੀਂਡਸਾ ਆਪਣੇ ਪਿੱਛੇ ਆਪਣੀ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।
ਸੁਖਦੇਵ ਸਿੰਘ ਢੀਂਡਸਾ ਨੂੰ 27 ਮਈ 2025 ਨੂੰ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਨਮੂਨੀਆ ਅਤੇ ਦਿਲ ਦੀਆਂ ਗੁੰਝਲਦਾਰ ਸਮੱਸਿਆਵਾਂ ਸੀ, ਜੋ ਕਿ ਉਮਰ ਨਾਲ ਸਬੰਧਤ ਬਿਮਾਰੀਆਂ ਕਾਰਨ ਵਧ ਗਈਆਂ। ਮਾਹਰ ਡਾਕਟਰਾਂ ਦੀ ਟੀਮ ਵੱਲੋਂ ਕੀਤੇ ਗਏ ਵਧੀਆ ਕੋਸ਼ਿਸ਼ਾਂ ਦੇ ਬਾਵਜੂਦ, 28 ਮਈ ਨੂੰ ਸ਼ਾਮ 5:05 ਵਜੇ ਦਿਲ ਦਾ ਦੌਰਾ ਪੈਣ ਤੇ ਹਾਰਟ ਫੈਲ ਹੋਣ ਕਾਰਨ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਅੰਤਿਮ ਸਸਕਾਰ ਪਿੰਡ ਉਭਾਵਾਲ ‘ਚ
ਅੱਜ ਉਨ੍ਹਾਂ ਦੀ ਦੇਹ ਨੂੰ ਫੋਰਟਿਸ ਹਸਪਤਾਲ ਤੋਂ ਸੈਕਟਰ-2, ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਜਾਵੇਗਾ, ਜਿੱਥੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ। ਫਿਰ ਕੱਲ੍ਹ 30 ਮਈ ਨੂੰ ਸਵੇਰੇ 8 ਵਜੇ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਜਾਂਦੀ ਸੰਗਤ ਉਨ੍ਹਾਂ ਦੇ ਸੰਗਰੂਰ ਸਥਿਤ ਨਿਵਾਸ ਸਥਾਨ ‘ਤੇ 10:30 ਤੋਂ 11:00 ਵਜੇ ਦੇ ਵਿਚਕਾਰ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕੇਗੀ। ਅੰਤਿਮ ਸਸਕਾਰ ਸੰਗਰੂਰ ਤੋਂ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ, ਜ਼ਿਲ੍ਹਾ ਸੰਗਰੂਰ ਦੁਪਹਿਰ 3 ਵਜੇ ਦੇ ਕਰੀਬ ਕੀਤੇ ਜਾਣਗੇ।

ਉਹ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਭ ਤੋਂ ਸੀਨੀਅਰ ਆਗੂ ਸੀ। ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਪੰਜਾਬ ਸਰਕਾਰ ‘ਚ ਵਿੱਤ ਮੰਤਰੀ ਰਹਿ ਚੁੱਕੇ ਹਨ। ਪਿਛਲੇ ਸਾਲ ਢੀਂਡਸਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਧਾਰਮਿਕ ਸਜ਼ਾ ਦਿੱਤੀ ਸੀ। ਉਨ੍ਹਾਂ ਨੇ ਵ੍ਹੀਲਚੇਅਰ ‘ਤੇ ਬੈਠ ਕੇ ਹਰਿਮੰਦਰ ਸਾਹਿਬ ਦੇ ਗੇਟ ਦੀ ਰਾਖੀ ਕਰ ਆਪਣੀ ਧਾਰਮਿਕ ਸਜ਼ਾ ਪੂਰੀ ਕੀਤੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਆਗੂਆਂ ਨੇ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।