
ਉੱਤਰ-ਪੂਰਬੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਹੈ। ਅਸਾਮ, ਮਨੀਪੁਰ, ਅਰੁਣਾਚਲ ਪ੍ਰਦੇਸ਼, ਮੇਘਾਲਿਆ ਅਤੇ ਹੋਰ ਰਾਜਾਂ ਵਿੱਚ ਹੁਣ ਤੱਕ 30 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ।

ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਸਾਮ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਅਤੇ ਮਨੀਪੁਰ ਦੇ ਰਾਜਪਾਲ ਨਾਲ ਗੱਲ ਕਰਕੇ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਪ੍ਰਭਾਵਿਤ ਰਾਜਾਂ ਨੂੰ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਅਮਿਤ ਸ਼ਾਹ ਨੇ ਟਵਿੱਟਰ ‘ਤੇ ਲਿਖਿਆ, “ਮੋਦੀ ਸਰਕਾਰ ਉੱਤਰ-ਪੂਰਬ ਦੇ ਲੋਕਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।”

ਅਸਾਮ ਵਿੱਚ ਹੜ੍ਹ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਰਾਜ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ, ਖਾਸ ਕਰਕੇ ਉਨ੍ਹਾਂ ਖੇਤਰਾਂ ਵਿੱਚ ਜੋ ਨਦੀ ਦੇ ਕੰਢੇ ਜਾਂ ਨੀਵੇਂ ਇਲਾਕਿਆਂ ਵਿੱਚ ਸਥਿਤ ਹਨ। ਐਤਵਾਰ ਨੂੰ, ਅਸਾਮ ਵਿੱਚ ਦੋ ਹੋਰ ਲੋਕਾਂ ਦੀ ਮੌਤ ਦੀ ਖ਼ਬਰ ਮਿਲੀ ਹੈ, ਜਿਸ ਨਾਲ ਰਾਜ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਕਰੀਮਗੰਜ, ਸਿਲਚਰ ਅਤੇ ਹੈਲਾਕਾਂਡੀ ਵਰਗੇ ਜ਼ਿਲ੍ਹਿਆਂ ਵਿੱਚ ਸਥਿਤੀ ਸਭ ਤੋਂ ਮਾੜੀ ਹੈ।

ਹੜ੍ਹਾਂ ਕਾਰਨ ਮਨੀਪੁਰ ਦੇ ਕਈ ਇਲਾਕਿਆਂ ਵਿੱਚ ਬਚਾਅ ਕਾਰਜ ਚੱਲ ਰਹੇ ਹਨ। ਭਾਰਤੀ ਫੌਜ, ਅਸਾਮ ਰਾਈਫਲਜ਼ ਅਤੇ ਰਾਜ ਪ੍ਰਸ਼ਾਸਨ ਨੇ ਸਾਂਝੇ ਤੌਰ ‘ਤੇ ਵੱਡੇ ਪੱਧਰ ‘ਤੇ ਬਚਾਅ ਕਾਰਜ ਸ਼ੁਰੂ ਕੀਤਾ ਹੈ। ਹੁਣ ਤੱਕ, ਇੰਫਾਲ ਪੂਰਬੀ ਅਤੇ ਪੱਛਮੀ ਜ਼ਿਲ੍ਹਿਆਂ ਤੋਂ ਲਗਭਗ 1,500 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਸੀਨੀਅਰ ਫੌਜ ਅਧਿਕਾਰੀਆਂ ਨੇ ਕਿਹਾ ਕਿ ਰਾਹਤ ਟੀਮਾਂ ਬਾਰਿਸ਼ ਤੋਂ ਪਹਿਲਾਂ ਹੀ ਚੌਕਸ ਸਨ ਅਤੇ ਸਥਿਤੀ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕੀਤੀ ਗਈ।

ਅਰੁਣਾਚਲ ਪ੍ਰਦੇਸ਼ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੁੱਖ ਮੰਤਰੀ ਪੇਮਾ ਖਾਂਡੂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਮੇਘਾਲਿਆ ਵਿੱਚ 6 ਅਤੇ ਮਿਜ਼ੋਰਮ ਵਿੱਚ 5 ਲੋਕਾਂ ਦੀ ਜਾਨ ਗਈ ਹੈ।