ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ ਲੋਕਾਂ ਨੂੰ ਕੈਂਪ ਰਾਹੀਂ ਕਰ ਰਹੀ ਹੈ ਜਾਗਰੂਕ
Punjab News; ਝੋਨੇ ਦੀ ਬਿਜਾਈ ਦਾ ਸੀਜ਼ਨ ਇਨੀ ਦਿਨੀ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਤੇ ਝੋਨੇ ਦੀ ਬਜਾਈ ਲਈ ਪਰਵਾਸੀ ਮਜ਼ਦੂਰਾਂ ਦੀ ਆ ਰਹੀ ਘਾਟ ਅਤੇ ਬਿਜਾਈ ਤੇ ਘੱਟ ਖਰਚਾ ਆਉਣ ਨੂੰ ਲੈ ਕੇ ਜਿਆਦਾਤਰ ਕਿਸਾਨ ਸਿੱਧੀ ਬਜਾਈ ਅਤੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰ ਰਹੇ ਹਨ ਤੇ ਬਿਜਾਈ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਥਾਵਾਂ ਤੇ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ।
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਵਿੱਚ ਬਹੁਤ ਹੀ ਤਜਰਬੇ ਕਰਨ ਉਪਰੰਤ ਕਿਸਾਨਾਂ ਨੂੰ ਖੇਤੀ ਸਬੰਧੀ ਸਲਾਹ ਦਿੱਤੀ ਜਾਂਦੀ ਹੈ ਤੇ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪਰਵਾਨਤ ਵਰਾਇਟੀਆਂ ਹੀ ਲਗਾਈਆਂ ਜਾਣ । ਉਹਨਾਂ ਮਾਰਕੀਟ ਵਿੱਚ ਵਿਕ ਰਹੇ ਨਕਲੀ ਹਾਈਬ੍ਰਿਡ ਬੀਜਾਂ ਤੋਂ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਬੀਜ ਖਰੀਦਣ ਸਮੇਂ ਬਿੱਲ ਜਰੂਰ ਲੈਣ । ਉਹਨਾਂ ਧਰਤੀ ਹੇਠਲੇ ਪਾਣੀ ਦੀ ਮਾਤਰਾ ਨੂੰ ਬਚਾਉਣ ਲਈ ਕਿਸਾਨਾਂ ਨੂੰ ਸਿੱਧੀ ਬਜਾਈ ਕਰਨ ਲਈ ਵੀ ਜੋਰ ਦਿੱਤਾ ।
ਉਧਰ ਦੂਜੇ ਪਾਸੇ ਮੁੱਖ ਖੇਤੀਬਾੜੀ ਅਫਸਰ ਫਤਿਹਗੜ੍ਹ ਸਾਹਿਬ ਡਾ: ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਵਿੱਚ ਹਾਈਬ੍ਰਿਡ ਬੀਜਾਂ ਅਤੇ ਝੋਨੇ ਦੀ ਕਿਸਮ ਪੂਸਾ-44 ਦੀ ਵਿਕਰੀ ਤੇ ਪੂਰਨ ਪਾਬੰਦੀ ਲਗਾਈ ਗਈ ਹੈ, ਇਸ ਲਈ ਕਿਸਾਨ ਝੋਨੇ ਦੀ ਇਸ ਕਿਸਮ ਦੀ ਬਿਜਾਈ ਨਾ ਕਰਨ।
ਉਨ੍ਹਾਂ ਦੱਸਿਆ ਕਿ ਪੂਸਾ-44 ਕਿਸਮ ਜਿੱਥੇ ਪੱਕਣ ਵਿੱਚ ਜਿਆਦਾ ਸਮਾਂ ਲੈਂਦੀ ਹੈ ਉਥੇ ਹੀ ਇਸ ਦੇ ਬੂਟੇ ਦੀ ਪਰਾਲੀ ਜਿਆਦਾ ਹੁੰਦੀ ਹੈ ਜਿਸ ਦੇ ਪ੍ਰਬੰਧਨ ਵਿੱਚ ਕਿਸਾਨਾਂ ਨੂੰ ਸਮੱਸਿਆ ਆਉਂਦੀ ਹੈ। ਪੂਸਾ-44 ਕਿਸਮ ਜਿਆਦਾ ਸਮਾਂ ਖੇਤ ਵਿੱਚ ਰਹਿੰਦੀ ਹੈ ਇਸ ਲਈ ਇਸ ਉੱਪਰ ਕੀੜੇ ਮਕੌੜੇ/ਬਿਮਾਰੀ ਦਾ ਹਮਲਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਕਿਸਾਨਾਂ ਨੂੰ ਮਜਬੂਰਨ ਮਹਿੰਗੇ ਪੈਸਟੀਸਾਈਡਜ਼ ਦੀ ਵਰਤੋਂ ਕਰਨੀ ਪੈਂਦੀ ਹੈ ਜੋ ਕਿ ਮਿੱਟੀ, ਪਾਣੀ ਅਤੇ ਹਵਾ ਨੂੰ ਪ੍ਰਦੂਸ਼ਿਤ ਕਰਦੇ ਹਨ। ਇਸ ਦੇ ਮੱਦੇਨਜਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਰਾਜ ਵਿੱਚ ਸਾਉਣੀ ਸੀਜਨ 2025 ਦੌਰਾਨ ਹਾਈਬ੍ਰਿਡ ਬੀਜਾਂ ਅਤੇ ਝੋਨੇ ਦੀ ਕਿਸਮ ਪੂਸਾ-44 ਦੀ ਵਿਕਰੀ ਅਤੇ ਬਿਜਾਈ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।
ਉਹਨਾਂ ਦੱਸਿਆ ਕਿ ਬਿਜਾਈ ਕਰਨ ਲਈ ਖੇਤੀਬਾੜੀ ਦੇ ਮਹਿੰਗੇ ਸੰਦਾਂ ਨੂੰ ਮੁੱਖ ਰੱਖਦਿਆਂ ਹੋਇਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2025-26 ਦੌਰਾਨ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜ਼ੇਸ਼ਨ ਸਕੀਮ ਅਧੀਨ (ਜਰਨਲ,ਐਸ.ਸੀ.) ਨਿੱਜੀ ਕਿਸਾਨਾਂ, ਨਿੱਜੀ ਕਿਸਾਨ ਕਸਟਮ ਹਾਈਰਿੰਗ ਸੈਂਟਰ ਅਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ‘ਤੇ ਖੇਤੀ ਮਸ਼ੀਨਰੀ ਦੇਣ ਲਈ ਆਨਲਾਈਨ ਡਰਾਅ ਕੱਢੇ ਗਏ ਹਨ ।
ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਪਾਣੀ ਦਾ ਦਿਨੋਂ ਦਿਨ ਹੇਠਾਂ ਜਾ ਰਿਹਾ ਪੱਧਰ ਸਾਡੇ ਲਈ ਇੱਕ ਗੰਭੀਰ ਚੁਣੋਤੀ ਬਣਿਆਂ ਹੋਇਆ ਹੈ ਅਤੇ ਇਸ ਨੂੰ ਬਚਾਉਣ ਲਈ ਝੋਨੈ ਦੀ ਸਿੱਧੀ ਬਿਜਾਈ ਅੱਜ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਟੀਮਾਂ ਬਣਾ ਕੇ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿਥੇ ਸਿੰਚਾਈ ਵਾਲੇ ਪਾਣੀ ਦੀ 15-20 ਫੀਸਦੀ ਤੱਕ ਬੱਚਤ ਹੁੰਦੀ ਹੈ ਉਥੇ ਹੀ ਧਰਤੀ ਹੇਠਲੇ ਪਾਣੀ ਦਾ 10-20 ਫੀਸਦੀ ਜਿਆਦਾ ਰਿਚਾਰਜ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਲੈਣ ਲਈ ਕਿਸਾਨ 30 ਜੂਨ ਤੱਕ ਵਿਭਾਗ ਦੇ ਪੋਰਟਲ agrimachinerypb.com ਆਨ ਲਾਇਨ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਮੁੱਖ ਖੇਤੀਬਾੜੀ ਨੇ ਦੱਸਿਆ ਕਿ ਬਾਸਮਤੀ ਚਾਵਲਾਂ ਵਿੱਚ ਕੁਝ ਕੀਟਨਾਸ਼ਕਾਂ ਦੇ ਨਿਰਧਾਰਿਤ ਮਾਤਰਾ ਤੋਂ ਵੱਧ ਅੰਸ਼ ਆਉਣ ਕਰਕੇ ਦੇਸ਼ ਵਿੱਚ ਪੈਦਾ ਚਾਵਲ, ਵਿਦੇਸ਼ਾਂ ਵਿੱਚ ਐਕਸਪੋਰਟ ਕਰਨ ਦੀ ਸਮੱਸਿਆ ਆ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਬਾਸਮਤੀ ਦਾ ਚੰਗਾ ਭਾਅ ਮਿਲਣ ਵਿੱਚ ਪ੍ਰੇਸ਼ਾਨੀ ਪੇਸ਼ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਾਸਮਤੀ ਦੀ ਫਸਲ ‘ਤੇ 11 ਕੀਟਨਾਸ਼ਕ ਵਰਤਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਫਸਲਾਂ ਵਿੱਚ ਅੰਨ੍ਹੇਵਾਹ ਅਤੇ ਬਗੈਰ ਸਿਫਾਰਿਸ਼ ਤੋਂ ਕੀਟਨਾਸ਼ਕ ਜਹਿਰਾਂ ਦੀ ਵਰਤੋਂ ਨਾਲ ਖਾਧ ਪਦਾਰਥ ਅਤੇ ਵਾਤਾਵਰਣ ਤਾਂ ਪ੍ਰਦੂਸ਼ਿਤ ਹੋ ਹੀ ਰਿਹਾ ਹੈ ਇਸ ਦੇ ਨਾਲ ਹੀ ਖੇਤੀ ਖਰਚੇ ਵਧਣ ਕਾਰਨ ਖੇਤੀ ਆਮਦਨ ਘੱਟ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਬਾਸਮਤੀ ਦੀ ਬਾਹਰਲੇ ਦੇਸ਼ਾਂ ਵਿੱਚ ਭਾਰੀ ਮੰਗ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਾਸਮਤੀ ਦੀ ਫਸਲ ਉੱਪਰ ਐਸੀਫੇਟ, ਬੂਪਰੋਫੀਉਜਨ, ਕਲੋਰੋਪੈਰੀਫਾਸ, ਕਾਰਵੋਫਿਊਰਾਨ, ਪ੍ਰੋਪੀਕੋਨਾਜੋਲ, ਥਾਉਮਿਥਾਕਸਮ, ਪਰੋਫੀਨੋਫੋਸ, ਅਮੀਡਾਕਲੋਪਰਿਡ, ਕਾਰਬੈਂਡਾਜਿਮ, ਟਰਾਈਸਾਈਕਲਾਜੋਲ, ਟੇਬਿਉਕੋਨਾਜੋਲ ਅਤੇ ਇਨ੍ਹਾਂ ਦੀਆਂ ਸਾਰੀਆਂ ਫਾਰਮੂਲੇਸ਼ਨਾਂ (ਸਮੇਤ ਮਿਸ਼ਰਣ) ਦਾ ਛਿੜਕਾਅ ਬਿਲਕੁਲ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਜਰੂਰਤ ਪਵੇ ਤਾਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਬਦਲਵੇਂ ਰਸਾਇਣਾਂ ਦਾ ਛਿੜਕਾਅ ਕੀਤਾ ਜਾਵੇ।
ਉਨ੍ਹਾਂ ਨੇ ਜ਼ਿਲ੍ਹੇ ਦੇ ਪੈਸਟੀਸਾਈਡ ਦੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਬਾਸਮਤੀ ਲਈ ਬੈਨ ਕੀਤੀਆਂ ਗਈਆਂ ਕੀਟਨਾਸ਼ਕ ਦਵਾਈਆਂ ਨਾ ਵੇਚੀਆਂ ਜਾਣ।
ਉਧਰ ਸਫਲ ਕਿਸਾਨਾਂ ਵੱਲੋਂ ਵੀ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਸਰਹੰਦ ਬਲਾਕ ਦੇ ਕਿਸਾਨ ਮਨਵੀਰ ਸਿੰਘ ਨੇ ਕਿਹਾ ਕਿ ਉਹ ਆਪਣੀ 11 ਏਕੜ ਜਮੀਨ ਵਿੱਚ ਬਾਸਮਤੀ ਅਤੇ ਬੈਂਗਣ ਦੀ ਫਸਲ ਪੈਦਾ ਕਰ ਰਿਹਾ ਹੈ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਉਹਨਾਂ ਨਾਲ ਸਾਧੇ ਜਾ ਰਹੇ ਸੰਪਰਕਾਂ ਤਹਿਤ ਸਰਕਾਰ ਵੱਲੋਂ ਕੀਤੇ ਹੋਏ 11-ਵੇਨ ਪੈਸਟੀਸਾਈਡ (ਦਵਾਈਆਂ) ਦੀ ਵਰਤੋਂ ਬਿਲਕੁਲ ਨਹੀਂ ਕੀਤੀ ਜਾਂਦੀ, ਤੇ ਖੇਤੀਬਾੜੀ ਵਿਭਾਗ ਵੱਲੋਂ ਮਨਜੂਰ ਸ਼ੁਧਾ ਦਵਾਈਆਂ ਦੀ ਹੀ ਵਰਤੋਂ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆਂ ਉਹਨਾਂ ਦਾ ਖਰਚਾ ਵੀ ਪਹਿਲਾਂ ਨਾਲੋਂ ਕਾਫੀ ਘੱਟ ਆ ਰਿਹਾ ਹੈ।