Threat Call: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਇੱਕ ਈਮੇਲ ਭੇਜੀ ਗਈ ਸੀ। ਜਿਸ ਵਿੱਚ ਇਸਨੂੰ ਬੰਬ ਨਾਲ ਉਡਾਉਣ ਦੀ ਗੱਲ ਕੀਤੀ ਗਈ ਸੀ।
Threat to Blow-up Amritsar Airport: ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਬੰਬ ਨਾਲ ਹਮਲਾ ਕਰਨ ਦੀ ਧਮਕੀ ਮਿਲੀ ਹੈ। ਹਵਾਈ ਅੱਡੇ ‘ਤੇ ਧਮਕੀ ਈਮੇਲ ਰਾਹੀਂ ਦਿੱਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਧਮਕੀ ਵਾਲੇ ਵਿਅਕਤੀ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ਈਮੇਲ ਦਾ ਪੈਟਰਨ ਸ੍ਰੀ ਹਰਿਮੰਦਰ ਸਾਹਿਬ ਨੂੰ ਭੇਜੀਆਂ ਗਈਆਂ ਧਮਕੀਆਂ ਵਰਗਾ ਹੀ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਸਥਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਗ੍ਰਿਫ਼ਤਾਰੀ ਤਾਮਿਲਨਾਡੂ ਤੋਂ ਕੀਤੀ ਗਈ ਹੈ। ਇਸ ਮਾਮਲੇ ‘ਚ ਹਰਿਆਣਾ ਦੇ ਸ਼ੁਬਮ ਦੂਬੇ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦਰਅਸਲ, 14 ਜੁਲਾਈ ਤੋਂ ਬਾਅਦ ਲਗਭਗ 10 ਧਮਕੀ ਭਰੇ ਈਮੇਲ ਮਿਲੇ। ਇਨ੍ਹਾਂ ਵਿੱਚੋਂ ਕੁਝ ਈਮੇਲਾਂ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਧਮਕੀ ਦਿੱਤੀ ਗਈ। ਹਾਲਾਂਕਿ, ਇਨ੍ਹਾਂ ਸਾਰੀਆਂ ਧਮਕੀਆਂ ਦੇ ਵਿਚਕਾਰ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਅਤੇ ਮੱਥਾ ਟੇਕਿਆ।
ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਅਲਰਟ ‘ਤੇ
ਔਜਲਾ ਨੇ ਕੇਂਦਰ ਅਤੇ ਰਾਜ ਸਰਕਾਰ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਸਥਾਈ ਅਤੇ ਸਖ਼ਤ ਉਪਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਦੀ ਪ੍ਰਣਾਲੀ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਧਮਕੀਆਂ ਨੂੰ ਰੋਕਿਆ ਜਾ ਸਕੇ।
ਨਾਲ ਹੀ ਧਮਕੀ ਮਿਲਣ ਤੋਂ ਬਾਅਦ, ਸ੍ਰੀ ਹਰਿਮੰਦਰ ਸਾਹਿਬ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਅਤੇ ਸ਼ਰਧਾਲੂਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ।