Sanjay Verma murder: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਅਬੋਹਰ ਪਹੁੰਚੇ। ਉਨ੍ਹਾਂ ਨੇ ਗੈਂਗਸਟਰਾਂ ਵੱਲੋਂ ਮਾਰੇ ਗਏ ਫੈਸ਼ਨ ਡਿਜ਼ਾਈਨਰ ਸੰਜੇ ਵਰਮਾ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸਾਰੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਸੰਜੇ ਵਰਮਾ ਦੇ ਭਰਾ ਨੇ ਪੰਜਾਬ ਪੁਲਿਸ ਦੀ ਤੇਜ਼ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਦੋ ਗੈਂਗਸਟਰਾਂ ਦਾ ਐਨਕਾਉਟਰ ਕੀਤਾ, ਜਿਸ ਨਾਲ ਪਰਿਵਾਰ ਨੂੰ ਕੁਝ ਰਾਹਤ ਮਿਲੀ ਹੈ।
ਪੁਲਿਸ ਨੇ ਦੋ ਮੁਲਜ਼ਮਾਂ ਨੂੰ ਮੁਕਾਬਲੇ ਵਿੱਚ ਮਾਰ ਦਿੱਤਾ
ਫਾਜ਼ਿਲਕਾ ਪੁਲਿਸ ਨੇ ਸੰਜੇ ਵਰਮਾ ਕਤਲ ਕਾਂਡ ਵਿੱਚ ਸ਼ਾਮਲ ਦੋ ਗੈਂਗਸਟਰਾਂ ਨੂੰ ਮੁਕਾਬਲੇ ਵਿੱਚ ਮਾਰ ਦਿੱਤਾ। ਪੁਲਿਸ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਗਈ ਸੀ, ਜਦੋਂ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਮੁਲਜ਼ਮ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ।
ਇਸ ਸਮੇਂ ਪੁਲਿਸ ਫਰਾਰ ਸਾਥੀਆਂ ਦੀ ਭਾਲ ਵਿੱਚ ਜਾਂਚ ਕਰ ਰਹੀ ਹੈ। ਇਸ ਮੁਕਾਬਲੇ ਵਿੱਚ ਇੱਕ ਹੈੱਡ ਕਾਂਸਟੇਬਲ ਵੀ ਜ਼ਖਮੀ ਹੋ ਗਿਆ ਸੀ। ਹਾਲਾਂਕਿ, ਲਾਰੈਂਸ ਗੈਂਗ ਨੇ ਉਕਤ ਮੁਕਾਬਲੇ ਨੂੰ ਫਰਜ਼ੀ ਦੱਸਿਆ ਸੀ।
ਕਤਲ 8 ਜੁਲਾਈ ਨੂੰ ਹੋਇਆ ਸੀ
ਦੱਸਣਯੋਗ ਹੈ ਕਿ ਸੋਮਵਾਰ, 8 ਜੁਲਾਈ ਨੂੰ, ਫਾਜ਼ਿਲਕਾ ਦੇ ਅਬੋਹਰ ਵਿੱਚ ਨਿਊ ਵੇਅਰਵੈੱਲ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅਗਲੇ ਦਿਨ ਮੰਗਲਵਾਰ ਨੂੰ ਕੀਤਾ ਗਿਆ। ਸੀਐਮ ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਹਰ ਨਾਗਰਿਕ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਨਿਭਾ ਰਹੀ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੂਰਾ ਇਨਸਾਫ਼ ਕੀਤਾ ਜਾਵੇਗਾ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।