Punjab News: ਪੰਜਾਬ ਪੁਲਿਸ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। 24 ਘੰਟਿਆਂ ਦੇ ਅੰਦਰ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੋਸ਼ਲ ਮੀਡੀਆ ਉਤੇ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪੰਜਾਬ ਪੁਲਿਸ ਨੇ ਧਮਕੀ ਦੇਣ ਵਾਲੇ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ।
ਬੀਤੇ ਦਿਨੀਂ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਦਾਅਵਾ ਕੀਤਾ ਹੈ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਰੰਧਾਵਾ ਨੇ ਐਕਸ ’ਤੇ ਇਕ ਪੋਸਟ ਵਿਚ ਲਿਖਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਵਿਦੇਸ਼ ਵਿਚ ਪੜ੍ਹ ਰਹੇ ਉਨ੍ਹਾਂ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਨੂੰ ਇਹ ਧਮਕੀ ਦਿੱਤੀ ਹੈ। ਰੰਧਾਵਾ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਤੇ ਪੁਲਿਸ ਤੋਂ ਫੌਰੀ ਕਾਰਵਾਈ ਦੀ ਮੰਗ ਕੀਤੀ ਸੀ। ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ ਤੇ ਅਜਿਹੀਆਂ ਘਟਨਾਵਾਂ ਕਰਕੇ ਆਮ ਲੋਕਾਂ ਵਿਚ ਡਰ ਦਾ ਮਾਹੌਲ ਬਣ ਰਿਹਾ ਹੈ। ਹੁਣ ਪੁਲਿਸ ਨੇ ਇਸ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ।