ਕੁਲਗਾਮ ‘ਚ ਸ਼ਹੀਦ ਹੋਏ ਹਰਮਿੰਦਰ ਸਿੰਘ ਨੂੰ ਮੋਹਿੰਦਰ ਭਗਤ ਵੱਲੋ ਸ਼ਰਧਾ ਦੇ ਫੁੱਲ ਭੇਟ, ਭਰਾ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ,ਪਿੰਡ ‘ਚ ਬਣੇਗੀ ਯਾਦਗਾਰ
Mohinder Bhagat pays tribute to Harminder Singh; ਸ਼੍ਰੀ ਨਗਰ ਦੇ ਕੁਲਗਾਮ ਵਿੱਚ ਜਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਬਦੀਨਪੁਰ ਦੇ 28 ਸਾਲਾ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਜਾਂਬਾਜ ਸਿਪਾਹੀ ਸਵ. ਹਰਮਿੰਦਰ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਹੋਈ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵਿਸ਼ੇਸ਼ ਤੌਰ ’ਤੇ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੇ।
ਇਸ ਮੌਕੇ ਉਨ੍ਹਾਂ ਨੇ ਸ਼ਹੀਦ ਹਰਮਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਜਿੱਥੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦੀ ਹੈ ਉਸ ਨਾਲ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਵੀ ਵਚਨਬੱਧ ਹੈ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਅੱਜ ਪਰਿਵਾਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ ਅਤੇ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਹੋਣ ਮਗਰੋਂ, ਪੰਜਾਬ ਸਰਕਾਰ ਵੱਲੋਂ ਜਲਦੀ ਹੀ ਪਰਿਵਾਰ ਨੂੰ ਬਾਕੀ ਦੇ 94 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਪ੍ਰਦਾਨ ਕਰ ਦਿੱਤੀ ਜਾਵੇਗੀ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਭਰਾ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ ਤਾਂ ਕਿ ਭਵਿੱਖ ਵਿੱਚ ਵੀ ਇਹ ਪਰਿਵਾਰ ਵਿੱਤੀ ਤੌਰ ਉੱਤੇ ਸੁਰੱਖਿਅਤ ਰਹੇ। ਉਨ੍ਹਾਂ ਕਿਹਾ ਕਿ 28 ਸਾਲਾਂ ਦੇ ਸ਼ਹੀਦ ਹਰਮਿੰਦਰ ਸਿੰਘ ਦੀ ਸ਼ਹਾਦਤ ਨਾਲ, ਨਾ ਕੇਵਲ ਮਾਪਿਆਂ ਤੇ ਪਿੰਡ ਵਾਸੀਆਂ, ਬਲਕਿ ਸਾਰੇ ਪੰਜਾਬੀਆਂ ਤੇ ਦੇਸ਼ ਵਾਸੀਆਂ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਜਿਹੜਾ ਇਨਸਾਨ ਦੇਸ਼ ਲਈ ਕੁਰਬਾਨੀ ਦਿੰਦਾ ਹੈ ਉਸ ਨੂੰ ਦੁਨੀਆਂ ਹਮੇਸ਼ਾਂ ਯਾਦ ਰੱਖਦੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦੇ ਪਿਤਾ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਤੇ ਸਰਕਾਰ ਦੀ ਤਰਫੋ ਭਰੋਸਾ ਦਿਵਾਇਆ ਕਿ ਸਰਕਾਰ ਹਰ ਸੁੱਖ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਾਪਿਆਂ ਦੇ ਬੱਚੇ ਦੇਸ਼ ਦੀ ਆਨ ਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਸ਼ਹਾਦਤ ਦਿੰਦੇ ਹਨ, ਉਨ੍ਹਾਂ ਤੋਂ ਅਮੀਰ ਕੋਈ ਵੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਹਰਮਿੰਦਰ ਸਿੰਘ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪਿੰਡ ਵਿੱਚ ਵਿਸ਼ੇਸ਼ ਯਾਦਗਾਰ ਬਣਾਈ ਜਾਵੇਗੀ।
ਇਸ ਮੌਕੇ ਤੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁਲੋ ਨੇ ਕਿਹਾ ਕਿ ਫੌਜ ਵਿੱਚ ਜਿਆਦਾਤਰ ਗਰੀਬ ਪਰਿਵਾਰਾਂ ਦੇ ਨੌਜਵਾਨ ਹੀ ਭਰਤੀ ਹੋ ਕੇ ਸ਼ਹੀਦ ਹੁੰਦੇ ਆਏ ਹਨ, ਜਦੋਂ ਕਿ ਧਨਾਡਾਂ ਦੇ ਨੌਜਵਾਨ ਕਦੇ ਵੀ ਫੌਜ ਵਿੱਚ ਭਰਤੀ ਹੀ ਨਹੀਂ ਹੁੰਦੇ ਤੇ ਗਰੀਬ ਪਰਿਵਾਰਾਂ ਦੇ ਨੌਜਵਾਨ ਹੀ ਦੇਸ਼ ਸੇਵਾ ਕਰਦੇ ਹੋਏ ਸ਼ਹੀਦ ਹੁੰਦੇ ਆਏ ਹਨ ।