ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਘੁੱਗੀ ਨੇ ਅੱਗੇ ਆ ਕੇ ਰਾਹਤ ਸਮਗਰੀ ਦਿੱਤੀ
Punjab Flood Relief: ਗੁਰਦਾਸਪੁਰ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਕਲਾਕਾਰਾਂ ਨੇ ਆਪਣੀ ਭੂਮਿਕਾ ਨਿਭਾਈ ਹੈ। ਪੰਜਾਬ ਦੇ ਮਸ਼ਹੂਰ ਕਾਮੇਡੀਅਨ ਅਤੇ ਫਿਲਮ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਆਪਣੇ ਸਾਥੀਆਂ ਨਾਲ ਗੁਰਦਾਸਪੁਰ ਪਹੁੰਚੇ ਅਤੇ ਹੜ੍ਹ ਪੀੜਤਾਂ ਦੀ ਰਾਹਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਸਮੱਗਰੀ ਪ੍ਰਦਾਨ ਕੀਤੀ।
ਉਨ੍ਹਾਂ ਨੇ ਰਾਹਤ ਸਮੱਗਰੀ ਵਜੋਂ 300 ਗੱਦੇ, 700 ਓਡੋਮੋ, 700 ਸੈਨੇਟਰੀ ਪੈਡ ਅਤੇ ਜਾਨਵਰਾਂ ਲਈ 30 ਟਨ ਚਾਰਾ ਪ੍ਰਦਾਨ ਕੀਤਾ।
ਹੜ੍ਹ ਪੀੜਤਾਂ ਦੀ ਮਦਦ ਲਈ ਸੇਵਾ ਭਾਵਨਾ
ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਰਾਹਤ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਮਹੱਤਵਪੂਰਨ ਯਤਨ ਕਰ ਰਹੀ ਹੈ ਅਤੇ ਇਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੀ ਆਪਣੇ ਪੂਰੇ ਮਨੋਬਲ ਨਾਲ ਇਸ ਕੰਮ ਵਿੱਚ ਲੱਗੀਆਂ ਹੋਈਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਉਹ ਮੁਹਾਲੀ ਅਤੇ ਪੁਆਧ ਖੇਤਰ ਦੇ ਮਨੌਲੀ ਪਿੰਡ ਤੋਂ ਆਪਣੇ ਸਾਥੀਆਂ ਨਾਲ ਗੁਰਦਾਸਪੁਰ ਪਹੁੰਚੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਸਥਾਪਤ ਰਾਹਤ ਕੇਂਦਰ ਵਿੱਚ ਇਹ ਸਮੱਗਰੀ ਪ੍ਰਦਾਨ ਕੀਤੀ ਹੈ।
ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ
ਗੁਰਪ੍ਰੀਤ ਸਿੰਘ ਘੁੱਗੀ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਕਰਨ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ ਤਾਂ ਜੋ ਇਹ ਪਤਾ ਲੱਗ ਸਕੇ ਕਿ ਲੋਕਾਂ ਨੂੰ ਕਿਹੜੀਆਂ ਚੀਜ਼ਾਂ ਦੀ ਲੋੜ ਹੈ ਅਤੇ ਫਿਰ ਉਸ ਅਨੁਸਾਰ ਮਦਦ ਪ੍ਰਦਾਨ ਕੀਤੀ ਜਾ ਸਕੇ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੰਨਵਾਦ
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਆਰ.ਟੀ.ਓ. ਸ੍ਰੀਮਤੀ ਨਵਜੋਤ ਸ਼ਰਮਾ ਨੇ ਗੁਰਪ੍ਰੀਤ ਸਿੰਘ ਘੁੱਗੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਸਹਾਇਤਾ ਪ੍ਰਦਾਨ ਕਰਨ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਅਤੇ ਇਸ ਨਾਲ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਕਰਨ ਵਿੱਚ ਕਾਫੀ ਮਦਦ ਮਿਲੇਗੀ।