Punjab Health Minister: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸਿਹਤ ਵਿਭਾਗ ਅਤੇ ਐਨ.ਜੀ.ਓ ਸੰਗਠਨਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਦੇ 10 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ, ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ।
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸਹੂਲਤਾਂ ਦਾ ਜਾਇਜ਼ਾ
ਸਿਹਤ ਮੰਤਰੀ ਨੇ ਕਿਹਾ ਕਿ ਹੜ੍ਹ ਦੀ ਆਫ਼ਤ ਤੋਂ ਬਾਅਦ, ਸਮਾਜ ਸੇਵੀ ਸੰਸਥਾਵਾਂ ਸੂਬੇ ਵਿੱਚ ਲਗਾਤਾਰ ਮਦਦ ਕਰ ਰਹੀਆਂ ਹਨ। ਹੁਣ ਹੋਰ ਵੀ ਬਹੁਤ ਸਾਰੀਆਂ ਐਨ.ਜੀ.ਓ ਸੰਗਠਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਜਿੱਥੇ ਵੀ ਪਾਣੀ ਨੇ ਤਬਾਹੀ ਮਚਾਈ ਹੈ, ਉੱਥੇ ਪੀਣ ਵਾਲੇ ਪਾਣੀ ਦੀ ਜਾਂਚ, ਪਾਣੀ ਨਾਲ ਸਬੰਧਤ ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ।
ਸਿਹਤ ਸਮੱਸਿਆਵਾਂ ਲਈ 104 ‘ਤੇ ਕਾਲ ਕਰੋ
ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਸਿਹਤ ਸਮੱਸਿਆ ਆਉਂਦੀ ਹੈ, ਤਾਂ ਤੁਰੰਤ 104 ‘ਤੇ ਕਾਲ ਕਰੋ ਅਤੇ ਮਦਦ ਲਓ।
ਕੇਂਦਰ ਸਰਕਾਰ ਤੋਂ 780 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ
ਡਾ. ਬਲਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਸਿਹਤ ਮੰਤਰੀ ਨੂੰ ਇੱਕ ਅਧਿਕਾਰਤ ਪੱਤਰ ਲਿਖਿਆ ਹੈ, ਜਿਸ ਰਾਹੀਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਾਕਟਰੀ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ 780 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਦੇ ਆਉਣ ‘ਤੇ ਵੱਡੀਆਂ ਉਮੀਦਾਂ
ਸਿਹਤ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਦੇ ਦੌਰੇ ‘ਤੇ ਹਨ। ਪੰਜਾਬ ਸਰਕਾਰ ਨੇ ਉਨ੍ਹਾਂ ਤੋਂ 20 ਹਜ਼ਾਰ ਕਰੋੜ ਰੁਪਏ ਦੇ ਰਾਹਤ ਫੰਡ ਦੀ ਮੰਗ ਕੀਤੀ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਇਸ ਤੋਂ ਵੀ ਵੱਡੇ ਰਾਹਤ ਫੰਡ ਦਾ ਐਲਾਨ ਕਰਨਗੇ।