ਬਰਨਾਲਾ ਵਿੱਚ ਗਊਸ਼ਾਲਾ ਕਮੇਟੀ ਪ੍ਰਧਾਨ ‘ਤੇ ਹਮਲਾ, ਕਾਲਜ ਰੋਡ ਤੋਂ ਜਾ ਰਹੇਂ ਸੀ ਘਰ, ਬਾਈਕ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Punjab News: ਬਰਨਾਲਾ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਗਊਸ਼ਾਲਾ ਕਮੇਟੀ ਦੇ ਮੁਖੀ ਅਤੇ ਧਾਰਮਿਕ ਸੰਗਠਨਾਂ ਨਾਲ ਜੁੜੇ ਅਮਰਜੀਤ ਬਾਂਸਲ ਕਾਲੇਕੇ ਵਾਲੇ ‘ਤੇ ਅਣਪਛਾਤੇ ਬਾਈਕ ਸਵਾਰਾਂ ਨੇ ਹਮਲਾ ਕਰ ਦਿੱਤਾ।
ਇਹ ਘਟਨਾ ਰਾਤ 8:15 ਵਜੇ ਦੇ ਕਰੀਬ ਵਾਪਰੀ, ਜਦੋਂ ਬਾਂਸਲ ਪੱਕਾ ਕਾਲਜ ਰੋਡ ਤੋਂ ਗੋਬਿੰਦ ਕਲੋਨੀ ਲੇਨ ਨੰਬਰ 2 ਸਥਿਤ ਆਪਣੇ ਘਰ ਵਾਪਸ ਆ ਰਹੇ ਸਨ। ਫਿਰ ਬਾਈਕ ਸਵਾਰਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਲੁੱਟ ਦੀ ਕੋਸ਼ਿਸ਼ ਵੀ ਕੀਤੀ।
ਅਣਪਛਾਤੇ ਲੁਟੇਰਿਆਂ ਨੇ ਬਾਂਸਲ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਗਊਸ਼ਾਲਾ ਦੇ ਸੀਨੀਅਰ ਮੈਂਬਰ ਡਾ. ਸਤੀਸ਼ ਨੇ ਕਿਹਾ ਕਿ ਇਹ ਹਮਲਾ ਬਹੁਤ ਹੀ ਹੈਰਾਨ ਕਰਨ ਵਾਲਾ ਹੈ ਅਤੇ ਕਮੇਟੀ ਲਈ ਇੱਕ ਵੱਡਾ ਝਟਕਾ ਹੈ।
ਸਿਟੀ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਲਖਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।