3 ਨਵੰਬਰ ਨੂੰ ਭਾਰਤੀ ਸ਼ਰਧਾਲੂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਲਈ ਹੋਣਗੇ ਰਵਾਨਾ
Guru Nanak Dev Ji’s birth anniversary; ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਜਾਣ ਵਾਲੀਆਂ ਸੰਗਤਾਂ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਾਕਿਸਤਾਨ ਸਰਕਾਰ ਵਲੋਂ ਜਥੇ ਦੇ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਇਸ ਵਾਰ ਭਾਰਤ ਤੋਂ ਅਟਾਰੀ ਵਾਹਗਾ ਸਰਹੱਦ ਰਸਤੇ 3 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਵਿਚ ਦੱਸਿਆ ਗਿਆ ਹੈ ਕਿ ਉਨ੍ਹਾਂ ਵਲੋਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਹਿਲਾਂ ਚਾਰ ਨਵੰਬਰ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਗਿਆ ਸੀ। ਪਰ ਉਸ ਵਿਚ ਤਬਦੀਲੀ ਕਰਦਿਆਂ ਹੁਣ 3 ਨਵੰਬਰ ਤੋਂ 12 ਨਵੰਬਰ ਤੱਕ ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਵਿਖੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨਗੇ। ਭਾਰਤੀ ਸਿੱਖ ਸੰਗਤਾਂ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਧ ਕੇ ਜਾਰੀ ਕੀਤੇ ਪ੍ਰੋਗਰਾਮ ਵਿਚ ਦੱਸਿਆ ਗਿਆ। ਹੈ ਕਿ ਭਾਰਤੀ ਸ਼ਰਧਾਲੂ 3 ਨਵੰਬਰ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚਣਗੇ, ਜਿਥੇ ਰਾਤ ਨੂੰ ਅਖੰਡ ਪਾਠ ਆਰੰਭ ਕੀਤੇ ਜਾਣਗੇ ਤੇ 4 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੱਚਾ ਸੌਦਾ ਚੂੜਕਾਣਾ ਵਿਖੇ ਦਰਸ਼ਨ ਦੀਦਾਰੇ ਕਰਨ ਲਈ ਜਾਣਗੇ, ਉਪਰੰਤ ਸ਼ਾਮ ਨੂੰ ਵਾਪਸ ਫਿਰ ਨਨਕਾਣਾ ਸਾਹਿਬ ਹੀ ਪੁੱਜਣਗੇ। 5 ਨਵੰਬਰ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਅੰਦਰ ਸਜਾਇਆ ਜਾਵੇਗਾ। 5 ਨਵੰਬਰ ਰਾਤ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ 6 ਨਵੰਬਰ ਨੂੰ ਭਾਰਤੀ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਲਈ ਰਵਾਨਾ ਹੋਣਗੇ, 7 ਨਵੰਬਰ ਦੀ ਸ਼ਾਮ ਨੂੰ ਸ੍ਰੀ ਪੰਜਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਲਈ ਰਵਾਨਾ ਹੋਣਗੇ ਅਤੇ 8 ਤੋਂ 9 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਭਾਰਤੀ ਸਿੱਖ ਸ਼ਰਧਾਲੂ ਰੁਕਣ ਉਪਰੰਤ 10 ਅਤੇ 11 ਨਵੰਬਰ ਨੂੰ ਇਥੇ ਰੁਕਣ ਸਮੇਂ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਦੀਦਾਰੇ ਕਰਦੇ ਹੋਏ ਰਾਤ ਨੂੰ ਭਾਰਤੀ ਸ਼ਰਧਾਲੂ ਸਿੱਖ ਲਾਹੌਰ ਵਿਖੇ ਪਹੁੰਚਣਗੇ ਅਤੇ 12 ਨਵੰਬਰ ਨੂੰ ਪਾਕਿਸਤਾਨ ਤੋਂ ਵਾਹਗਾ ਸਰਹੱਦ ਰਸਤੇ ਆਪਣੇ ਵਰਨ ਭਾਰਤ ਪਰਤਣਗੇ । ਇਥੇ ਇਹ ਵੀ ਦੱਸਣਯੋਗ ਹੈ ਕਿ ਭਾਰਤ ਸਰਕਾਰ ਵਲੋਂ ਦੇ ਦਿਨ ਪਹਿਲਾਂ ਹੀ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਜਾਣ ਲਈ 3 ਹਜ਼ਾਰ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੀ ਗਈ ਹੈ।