ਜੰਮੂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਨੂੰ ਸਾੜਨ ਦੀ ਘਟਨਾ, SGPC ਪ੍ਰਧਾਨ ਧਾਮੀ ਵਲੋਂ ਨਿੰਦਾ, ਉੱਚ ਪੱਧਰੀ ਜਾਂਚ ਦੀ ਮੰਗ

SGPC President Dhami: SGPC ਪ੍ਰਧਾਨ ਨੇ ਕੇਂਦਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਭ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
Sacrilege of Sri Guru Granth Sahib Ji in Jammu: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਵਿੱਤਰ ਸਰੂਪਾਂ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਨਿੰਦਣਯੋਗ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ, ਸਗੋਂ ਪੂਰੇ ਸਮਾਜ ਲਈ ਸ਼ਰਮਨਾਕ ਹੈ।
ਧਾਮੀ ਨੇ ਕਿਹਾ ਕਿ ਇਹ ਦੁੱਖਦਾਈ ਗੱਲ ਹੈ ਕਿ ਅਜਿਹੇ ਵੇਲੇ ਜਦੋਂ ਜੰਮੂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਨਗਰ ਕੀਰਤਨ ਸਜੋਤ ਸਮਾਰੋਹਾਂ ਲਈ ਸਰਕਾਰਾਂ ਨਾਲ ਵਿਚਾਰ-ਵਟਾਂਦਰਾ ਜਾਰੀ ਹੈ, ਉਸੇ ਸੂਬੇ ਵਿੱਚ ਅਜਿਹੀ ਘਿਨਾਉਣੀ ਘਟਨਾ ਵਾਪਰੀ।
ਸਿੱਖ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
SGPC ਪ੍ਰਧਾਨ ਨੇ ਕੇਂਦਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਭ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਕਾਨੂੰਨ ਵਿੱਚ ਸੋਧ ਕਰਕੇ ਕੜੇ ਦੰਡ ਦਾ ਪ੍ਰਬੰਧ ਹੋਣਾ ਚਾਹੀਦਾ ਹੈ, ਤਾਂ ਜੋ ਭਵਿੱਖ ‘ਚ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।
ਨਾਲ ਹੀ ਪ੍ਰਧਾਨ ਧਾਮੀ ਨੇ ਸਿੱਖ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਕਦਮ ਚੁੱਕਿਆ ਜਾਵੇਗਾ।