ਕੈਬਨਿਟ ਮੰਤਰੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ, ਇਤਿਹਾਸਕ ਵਿਧਾਨ ਸਭਾ ਸੈਸ਼ਨ ਹੋਣਗੇ ਆਯੋਜਿਤ

Sri Guru Tegh Bahadur Sahib Ji Shaheedi Diwas: ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬੁਨਿਆਦੀ ਢਾਂਚੇ, ਸਫਾਈ, ਰੋਸ਼ਨੀ, ਸੰਗਤ ਦੀ ਠਹਿਰ, ਟਰੈਫਿਕ ਅਤੇ ਸੁਰੱਖਿਆ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਪੂਰੇ ਕਰ ਲਏ ਜਾਣ। 350th Martyrdom Day of Guru Tegh Bahadur Sahib Ji: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸਾਥੀ ਕੈਬਨਿਟ ਮੰਤਰੀਆਂ […]
Khushi
By : Updated On: 11 Oct 2025 10:23:AM
ਕੈਬਨਿਟ ਮੰਤਰੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ, ਇਤਿਹਾਸਕ ਵਿਧਾਨ ਸਭਾ ਸੈਸ਼ਨ ਹੋਣਗੇ ਆਯੋਜਿਤ

Sri Guru Tegh Bahadur Sahib Ji Shaheedi Diwas: ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬੁਨਿਆਦੀ ਢਾਂਚੇ, ਸਫਾਈ, ਰੋਸ਼ਨੀ, ਸੰਗਤ ਦੀ ਠਹਿਰ, ਟਰੈਫਿਕ ਅਤੇ ਸੁਰੱਖਿਆ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਪੂਰੇ ਕਰ ਲਏ ਜਾਣ।

350th Martyrdom Day of Guru Tegh Bahadur Sahib Ji: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸਾਥੀ ਕੈਬਨਿਟ ਮੰਤਰੀਆਂ ਨੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹਾਂ ਲਈ ਸੁਚਾਰੂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਸਮੇਂ-ਸਿਰ ਪੂਰੀ ਕਰਨ ਲਈ ਵਿਸਥਾਰਪੂਰਵਕ ਹੁਕਮ ਜਾਰੀ ਕੀਤੇ।

ਹਰਜੋਤ ਸਿੰਘ ਬੈਂਸ ਨੇ ਪੀਡਬਲਯੂਡੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਮਿਲ ਕੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਤਿਆਰੀਆਂ ਦੀ ਸਮੀਖਿਆ ਕੀਤੀ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ

ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਮਹੀਨਿਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀ ਕਰ ਰਹੀ ਹੈ।

ਮੀਟਿੰਗ ਦੌਰਾਨ ਬੈਂਸ ਨੇ ਦੋਵੇਂ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਹੋਰ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬੁਨਿਆਦੀ ਢਾਂਚੇ, ਸਫਾਈ, ਰੋਸ਼ਨੀ, ਸੰਗਤ ਦੀ ਠਹਿਰ, ਟਰੈਫਿਕ ਅਤੇ ਸੁਰੱਖਿਆ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਪੂਰੇ ਕਰ ਲਏ ਜਾਣ। ਉਨ੍ਹਾਂ ਨੇ ਧਾਰਮਿਕ ਸੰਸਥਾਵਾਂ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਨਾਲ ਨਿਕਟ ਸਹਿਯੋਗ ਬਣਾਈ ਰੱਖਣ ਲਈ ਵੀ ਕਿਹਾ ਤਾਂ ਜੋ ਸਾਰੇ ਸਮਾਗਮ ਸ਼ਾਂਤੀਪੂਰਵਕ ਅਤੇ ਸ਼ਰਧਾ ਨਾਲ ਆਯੋਜਿਤ ਹੋਣ।

ਅਧਿਕਾਰੀਆਂ ਨੂੰ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਬੈਠਾ ਕੰਮ ਕਰਨ ਦੇ ਆਦੇਸ਼

ਸਿੱਖਿਆ ਮੰਤਰੀ ਨੇ ਪੀ.ਡਬਲਯੂ.ਡੀ, ਪੇਂਡੂ ਵਿਕਾਸ, ਸਥਾਨਕ ਸਰਕਾਰ ਅਤੇ ਟੂਰਿਜ਼ਮ ਵਿਭਾਗਾਂ ਨੂੰ ਪੂਰੀ ਤਾਲਮੇਲ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਨਗਰ ਕੀਰਤਨਾਂ ਦੇ ਰੂਟਾਂ ਦੀ ਸੁੰਦਰਤਾ, ਸੜਕਾਂ ਦੀ ਅਪਗ੍ਰੇਡੇਸ਼ਨ, ਸਟਰੀਟ ਲਾਈਟਾਂ ਦੀ ਮੁਰੰਮਤ, ਸਫਾਈ ਪ੍ਰਬੰਧ ਅਤੇ ਪੀਣ ਵਾਲੇ ਪਾਣੀ ਅਤੇ ਪਾਰਕਿੰਗ ਦੀ ਉਚਿਤ ਸਹੂਲਤ ਯਕੀਨੀ ਬਣਾਈ ਜਾ ਸਕੇ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ੁਰੂ ਹੋਣਗੇ ਨਗਰ ਕੀਰਤਨ

ਉਨ੍ਹਾਂ ਕਿਹਾ, “ਸਾਡਾ ਫਰਜ ਹੈ ਕਿ ਅਸੀਂ ਸੇਵਾਦਾਰ ਵਜੋਂ ਹਰ ਪੱਖ ਤੋਂ ਇਹਨਾਂ ਪਵਿੱਤਰ ਤੇ ਇਤਿਹਾਸਕ ਸਮਾਰੋਹਾਂ ਨੂੰ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਆਯੋਜਿਤ ਕਰੀਏ।” ਉਨ੍ਹਾਂ ਦੱਸਿਆ ਕਿ ਚਾਰ ਵੱਡੇ ਨਗਰ ਕੀਰਤਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ੁਰੂ ਹੋਣਗੇ ਅਤੇ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕੱਠੇ ਹੋਣਗੇ। ਪਹਿਲਾ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋ ਕੇ ਜੰਮੂ, ਪਠਾਨਕੋਟ ਤੇ ਹੁਸ਼ਿਆਰਪੁਰ ਰਾਹੀਂ ਲੰਘੇਗਾ।ਦੂਜਾ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਬਟਾਲਾ, ਬਾਬਾ ਬਕਾਲਾ ਤੇ ਅੰਮ੍ਰਿਤਸਰ ਰਾਹੀ, ਤੀਜਾ ਫਰੀਦਕੋਟ ਤੋਂ ਫਿਰੋਜ਼ਪੁਰ, ਲੁਧਿਆਣਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਰਾਹੀਂ, ਅਤੇ ਚੌਥਾ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਬਠਿੰਡਾ, ਸੰਗਰੂਰ, ਪਟਿਆਲਾ ਅਤੇ ਮੋਹਾਲੀ ਰਾਹੀਂ ਲੰਘੇਗਾ।

1 ਨਵੰਬਰ ਤੋਂ 18 ਨਵੰਬਰ ਤਕ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਸ਼ੋਅ

ਸਿੱਖਿਆ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਵਿਖੇ ਕੀਰਤਨ ਦਰਬਾਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ ਜਾਣਗੇ ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਸ਼ਹੀਦੀ ਨੂੰ ਪ੍ਰਗਟ ਕਰਨਗੇ। ਇਸ ਤਰ੍ਹਾਂ ਦੇ ਸ਼ੋਅ 1 ਨਵੰਬਰ ਤੋਂ 18 ਨਵੰਬਰ ਤਕ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਗੁਰੂ ਕੇ ਮਹਲ (ਗੁਰੂ ਸਾਹਿਬ ਦੇ ਜਨਮ ਸਥਾਨ) ਅਤੇ ਨੇੜਲੇ ਵਿਰਾਸਤੀ ਥਾਵਾਂ ਦੀ ਸੁੰਦਰਤਾ ਲਈ ਕੰਮ ਜਾਰੀ ਹੈ।

ਪੰਜਾਬ ਵਿਧਾਨ ਸਭਾ ਦਾ ਇਤਿਹਾਸਕ ਵਿਸ਼ੇਸ਼ ਸੈਸ਼ਨ ਦਾ ਆਯੋਜਨ

ਬੈਂਸ ਨੇ ਦੱਸਿਆ ਕਿ ਮੁੱਖ ਸਮਾਰੋਹ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ ਜਿੱਥੇ ਇੱਕ ਕਰੋੜ ਤੋਂ ਵੱਧ ਸੰਗਤ ਦੇ ਪਹੁੰਚਣ ਦੀ ਆਸ ਹੈ। “ਚੱਕ ਨਾਨਕੀ” ਨਾਮਕ ਟੈਂਟ ਸਿਟੀ ਵਿਚ ਹਰ ਰੋਜ਼ 11,000 ਤੋਂ ਵੱਧ ਸੰਗਤਾਂ ਦੀ ਰਿਹਾਇਸ਼ ਦਾ ਪ੍ਰਬੰਧ ਹੋਵੇਗਾ। ਤਿੰਨ ਦਿਨਾਂ ਦੇ ਸਮਾਰੋਹਾਂ ਵਿੱਚ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਪ੍ਰਦਰਸ਼ਨੀ, ਗੁਰੂ ਜੀ ਦੇ ਜੀਵਨ ਉੱਤੇ ਡਰੋਨ ਸ਼ੋਅ ਅਤੇ “ਸ਼ਹਾਦਤ ਦੀ ਲੋਅ” ਸਮੇਤ ਕਈ ਕਾਰਜ ਸ਼ਾਮਲ ਹੋਣਗੇ। ਨੌਵੇਂ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਭਾਈ ਜੈਤਾ ਜੀ ਸਮਾਰਕ ਵਿਖੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਇਤਿਹਾਸਕ ਵਿਸ਼ੇਸ਼ ਸੈਸ਼ਨ ਵੀ ਆਯੋਜਿਤ ਕੀਤਾ ਜਾਵੇਗਾ।

ਮੀਟਿੰਗਾਂ ਵਿੱਚ ਹਾਜ਼ਰ ਹੋਰ ਪ੍ਰਮੁੱਖ ਵਿਅਕਤੀਆਂ ਵਿੱਚ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਸੀਨੀਅਰ ਅਧਿਕਾਰੀ, ਧਾਰਮਿਕ ਆਗੂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਰਹੇ।

ਅੰਤ ਵਿੱਚ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਇਹ ਪਵਿੱਤਰ ਸਮਾਰੋਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਲਗਨ ਨਾਲ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਸੰਗਤ ਨੂੰ ਅਧਿਆਤਮਕਤਾ ਅਤੇ ਪ੍ਰਬੰਧਕੀ ਸੁਚਾਰੂਪਣ ਦਾ ਵਿਲੱਖਣ ਮਿਲਾਪ ਅਨੁਭਵ ਹੋਵੇ।

Read Latest News and Breaking News at Daily Post TV, Browse for more News

Ad
Ad