ਜਥੇਦਾਰ ਗੜਗੱਜ ਨੇ ਮੁੰਬਈ ਵਿਖੇ ਸ਼ਹੀਦੀ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ, ਕਿਹਾ; ਖ਼ਾਲਸਾ ਪੰਥ ਇਕਜੁੱਟਤਾ ਨਾਲ ਮਨਾਏਗਾ ਸ਼ਤਾਬਦੀ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੁੰਬਈ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਗਏ ਇਤਿਹਾਸਕ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਮੁੰਬਈ ਤੋਂ ਅੱਜ ਰਾਤ ਦੇ ਪੜਾਅ ਤੋਂ ਬਾਅਦ ਨਗਰ ਕੀਰਤਨ ਦੀ ਅਰੰਭਤਾ ਮੌਕੇ ਪੰਜੇ ਤਖ਼ਤਾਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਦਲ ਪੰਥ ਤੇ ਸਥਾਨਕ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਅਰੰਭਤਾ ਤੋਂ ਪਹਿਲਾਂ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਸੰਪੂਰਨਤਾ ਦੀ ਅਰਦਾਸ ਜਥੇਦਾਰ ਗੜਗੱਜ ਨੇ ਕੀਤੀ ਤੇ ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਆਪਣੇ ਸੰਬੋਧਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਮੁੱਚੇ ਖ਼ਾਲਸਾ ਪੰਥ ਸਹਿਯੋਗ ਨਾਲ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਗਏ ਨਗਰ ਕੀਰਤਨ ਰਾਹੀਂ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦਾ ਸੰਦੇਸ਼ ਪੂਰੇ ਦੇਸ਼ ਵਿੱਚ ਪਹੁੰਚਾਇਆ ਗਿਆ ਹੈ ਅਤੇ ਇਸ ਨੇ ਸਿੱਖ ਕੌਮ ਨੂੰ ਇੱਕ ਲੜੀ ਵਿੱਚ ਜੋੜਣ ਦਾ ਕੰਮ ਕੀਤਾ ਹੈ।