ਹੁਸ਼ਿਆਰਪੁਰ ’ਚ ਸੁਨਿਆਰੇ ਦੀ ਦੁਕਾਨ ’ਤੇ ਫਾਈਰਿੰਗ ਕਰਨ ਵਾਲਿਆਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ
ਬੀਤੇ ਦਿਨੀਂ ਹੁਸ਼ਿਆਰਪੁਰ ਦੇ ਮਾਹਿਲਪੁਰ ਇਲਾਕੇ ’ਚ ਇਕ ਸੁਨਿਆਰੇ ਦੀ ਦੁਕਾਨ ’ਤੇ ਦੋ ਮੋਟਰ ਸਾਈਕਲ ਸਵਾਰ ਵਿਅਕਤੀਆਂ ਵੱਲੋਂ ਫਾਈਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਜਦੋਂ ਅੱਜ ਪੁਲਿਸ ਨੇ ਆਰੋਪੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਆਰੋਪੀਆਂ ਨੇ ਪੁਲਿਸ ਪਾਰਟੀ ’ਤੇ ਫਾਈਰਿੰਗ ਕਰ ਦਿੱਤੀ। ਜਿਸ ਦੇ ਚਲਦਿਆਂ ਪੁਲਿਸ ਨੇ ਮਾਹਿਲਪੁਰ ਨੇੜੇ ਪਿੰਡ ਮਹਿਦੂਦ ’ਚ ਦੋਵੇਂ ਆਰੋਪੀਆਂ ਦਾ ਐਨਕਾਊਂਟਰ ਕਰ ਦਿੱਤਾ। ਇਸ ਮੁਕਾਬਲੇ ਦੌਰਾਨ ਪੁਲਿਸ ਨੇ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਪੁੱਤ ਮੁਕਾਬਲੇ ਦੌਰਾਨ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਹੁਸ਼ਿਆਰਪੁਰ ਪੁਲਿਸ ਮੁਖੀ ਵੀ ਸੰਦੀਪ ਮਲਿਕ ਵੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਉਨ੍ਹਾਂ ਘਟਨਾ ਸਬੰਧੀ ਜਾਣਕਾਰੀ ਦਿੱਤੀ। ਐਸ.ਐਸ. ਪੀ. ਹੁਸ਼ਿਆਰਪੁਰ ਨੇ ਦੱਸਿਆ ਕਿ ਆਰੋਪੀ ਕ੍ਰਿਸ਼ਨ ਕੁਮਾਰ ਅਤੇ ਕੇਸ਼ਵ ਹੁਸ਼ਿਆਰਪੁਰ ਦੇ ਟਾਂਡੇ ਦੇ ਰਹਿਣ ਵਾਲੇ ਹਨ। ਜੋ ਵਿਅਕਤੀ ਇਸ ਮੁਕਾਬਲੇ ਦੌਰਾਨ ਜ਼ਖਮੀ ਹੋਇਆ ਹੈ ਉਸਦੀ ਪਛਾਣ ਕੇਸ਼ਵ ਵਜੋਂ ਹੋਈ ਹੈ ਅਤੇ ਜਿਸ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ ਉਸ ਦੀ ਪਛਾਣ ਕ੍ਰਿਸ਼ਨ ਕੁਮਾਰ ਵਜੋਂ ਹੋਈ ਹੈੇ।