ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ, ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਘਰ ਹੋਈ ਨਤਮਸਤਕ
Bhagat Namdev Ji’s birth anniversary celebrated; ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਬਕ ਮਨਾਇਆ ਗਿਆ, ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਹਜ਼ੂਰੀ ਰਾਗੀ ਜੱਥੇ ਭਾਈ ਮਨਜਿੰਦਰ ਸਿੰਘ ਵੱਲੋਂ ਗੁਰੂ ਦੀ ਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਗ੍ਰੰਥੀ ਸਿੰਘ ਭਾਈ ਨਿਰਮਲ ਸਿੰਘ ਵੱਲੋਂ ਕੀਤੀ ਗਈ। ਜਦੋਂ ਕਿ ਹੁਕਮਨਾਮਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਕਥਾ ਵਾਚਕ ਭਾਈ ਸਤਨਾਮ ਸਿੰਘ ਵੱਲੋਂ ਲਿਆ ਗਿਆ।
ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਿਗੜ੍ਹ ਸਾਹਿਬ ਦੇ ਕਥਾਵਾਚਕ ਭਾਈ ਸਤਨਾਮ ਸਿੰਘ ਨੇ ਸੰਗਤ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਇਸ ਮੌਕੇ ਜਿਲਾ ਪਰਿਸ਼ਦ ਤੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਭਗਤ ਨਾਮਦੇਵ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।