ਤਰਨਤਾਰਨ ਤੋਂ ਅਕਾਲੀ ਉਮੀਦਵਾਰ ਦੀ ਧੀ ਕੰਚਨਪ੍ਰੀਤ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Kanchanpreet Kaur Arrest: ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਆਗੂ ਕੰਚਨਪ੍ਰੀਤ ਕੌਰ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਾਣਕਾਰੀ ਅਨੁਸਾਰ, ਮਹਿਲਾ ਆਗੂ ਦੀ ਝਬਾਲ ਵਿਖੇ ਦਰਜ 208/25 ਨੰਬਰ FIR ਤਹਿਤ ਗ੍ਰਿਫ਼ਤਾਰੀ ਵਿਖਾਈ ਗਈ ਹੈ।
ਜਾਣਕਾਰੀ ਅਨੁਸਾਰ, ਕੰਚਨਪ੍ਰੀਤ ਕੌਰ ਦੀ ਗ੍ਰਿਫਤਾਰੀ ਪੁਲਿਸ ਵੱਲੋਂ ਸ਼ੁੱਕਰਵਾਰ ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤੀ ਗਈ। ਦੱਸ ਦਈਏ ਕਿ ਕੰਚਨਪ੍ਰੀਤ ਕੌਰ ਅੱਜ ਦੁਪਹਿਰ 12 ਵਜੇ ਦੇ ਕਰੀਬ ਮਜੀਠਾ ਪੁਲਿਸ ਸਟੇਸ਼ਨ ਪਹੁੰਚੀ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਗਈ। ਬਾਅਦ ਵਿੱਚ ਉਸਨੂੰ ਸ਼ਾਮ 5:30 ਵਜੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੀ ਪੁਸ਼ਟੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕੀਤੀ। ਉਸਨੂੰ ਕੱਲ੍ਹ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵਲਟੋਹਾ ਨੇ ਕਿਹਾ, “ਨਵੇਂ ਮਾਮਲੇ ਵਿੱਚ ਸੱਤ ਦਿਨ ਪਹਿਲਾਂ ਨੋਟਿਸ ਦੇਣ ਦਾ ਹੁਕਮ ਸੀ।”
ਵਲਟੋਹਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਕੰਚਨਪ੍ਰੀਤ ਨੂੰ ਰਾਜਨੀਤਿਕ ਕਾਰਨਾਂ ਕਰਕੇ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਪਰੰਪਰਾ ਵਿਰੋਧੀਆਂ ਦੀਆਂ ਨੂੰਹਾਂ ਅਤੇ ਧੀਆਂ ਦਾ ਸਤਿਕਾਰ ਕਰਦੀ ਹੈ, ਪਰ ਪਹਿਲੀ ਵਾਰ, ਇੱਕ ਨੌਜਵਾਨ ਨੇਤਾ ਨੂੰ ਅੱਗੇ ਵਧਣ ਤੋਂ ਰੋਕਣ ਲਈ ਰਾਜਨੀਤਿਕ ਪ੍ਰਚਾਰ ਦੇ ਹਿੱਸੇ ਵਜੋਂ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਦਾਲਤ ਨੇ ਕੰਚਨਪ੍ਰੀਤ ਨੂੰ ਗ੍ਰਿਫ਼ਤਾਰੀ ਤੋਂ ਸੁਰੱਖਿਆ ਦਿੱਤੀ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਕਿਸੇ ਵੀ ਨਵੇਂ ਮਾਮਲੇ ਵਿੱਚ ਸੱਤ ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇ।
ਪਹਿਲਾਂ ਗ੍ਰਿਫ਼ਤਾਰੀ ਨਾ ਕਰਨ ਲਈ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ
ਵਲਟੋਹਾ ਨੇ ਦੋਸ਼ ਲਗਾਇਆ ਕਿ ਕੰਚਨਪ੍ਰੀਤ ਨੂੰ ਗ੍ਰਿਫ਼ਤਾਰ ਨਾ ਕਰਨ ਲਈ ਇੱਕ ਇਮਾਨਦਾਰ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜੋ ਕਿ ਨੌਜਵਾਨ ਅਧਿਕਾਰੀਆਂ ਨਾਲ ਬੇਇਨਸਾਫ਼ੀ ਹੈ। ਇਸ ਦੌਰਾਨ, ਕੰਚਨਪ੍ਰੀਤ ਨੇ ਮੀਡੀਆ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਿਰਫ ਇਹ ਕਿਹਾ ਕਿ ਉਸਨੂੰ ਅਦਾਲਤ ਵਿੱਚ ਪੂਰਾ ਵਿਸ਼ਵਾਸ ਹੈ। ਵਲਟੋਹਾ ਨੇ ਦਾਅਵਾ ਕੀਤਾ ਕਿ ਕੰਚਨਪ੍ਰੀਤ ਦੀ ਪ੍ਰਸਿੱਧੀ ਇੰਨੀ ਵੱਧ ਗਈ ਹੈ ਕਿ ਅਧਿਕਾਰੀ ਵੀ ਕਹਿ ਰਹੇ ਹਨ ਕਿ ਉਹ 2027 ਵਿੱਚ ਵਿਧਾਇਕ ਬਣ ਸਕਦੀ ਹੈ।