ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਕੱਲ੍ਹ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ, ਡੀਸੀ ਵੱਲੋਂ ਅਹਿਮ ਹਦਾਇਤਾਂ ਜਾਰੀ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਸੰਬੰਧ ਵਿੱਚ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 1 ਦਸੰਬਰ 2025 ਤੋਂ ਸ਼ੁਰੂ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ 4 ਦਸੰਬਰ ਤੱਕ ਨਾਮਜ਼ਦਗੀ ਪੱਤਰਾਂ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ ਅਤੇ ਨਾਮਜ਼ਦਗੀ ਪੱਤਰ ਭਰਨ ਦਾ ਸਮਾਂ ਸਵੇਰੇ 11.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਹੈ। ਉਹਨਾਂ ਅੱਗੇ ਦੱਸਿਆ ਕਿ 5 ਦਸੰਬਰ 2025 (ਸ਼ੁੱਕਰਵਾਰ) ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ 2025 (ਸ਼ਨੀਵਾਰ) ਨੂੰ ਦੁਪਹਿਰ 3.00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 14 ਦਸੰਬਰ 2025 (ਐਤਵਾਰ) ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 (ਬੁੱਧਵਾਰ) ਨੂੰ ਸਵੇਰੇ 8.00 ਵਜੇ ਤੋਂ ਵੋਟਾਂ ਦੀ ਗਿਣਤੀ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ’ਤੇ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦਾਖਲ ਕੀਤੇ ਜਾਣ ਵਾਲੇ ਨਾਮਜ਼ਦਗੀ ਪੱਤਰਾਂ ਦੇ ਸਥਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੇ 13 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਮੁਕਤਸਰ ਸਾਹਿਬ ਨੂੰ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ, ਕੰਪਲੈਕਸ ਕਮਰਾ ਨੰਬਰ 05 ਅਦਾਲਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਮੁਕਤਸਰ ਸਾਹਿਬ ‘ਚ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ।
ਉਹਨਾਂ ਅੱਗੇ ਦੱਸਿਆ ਕਿ ਪੰਚਾਇਤ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ 20 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ, ਡਰੇਨੇਜ਼-ਕਮ-ਮਾਈਨਿੰਗ ਅਤੇ ਜਿਓਲੋਜੀ ਮੰਡਲ, ਜਲ ਸਰੋਤ ਵਿਭਾਗ, ਸ੍ਰੀ ਮੁਕਤਸਰ ਸਾਹਿਬ ਨੂੰ ਦਫ਼ਤਰ ਕਾਰਜਕਾਰੀ ਇੰਜੀਨੀਅਰ, ਡਰੇਨੇਜ਼-ਕਮ-ਮਾਈਨਿੰਗ ਅਤੇ ਜਿਓਲੋਜੀ ਮੰਡਲ, ਜਲ ਸਰੋਤ ਵਿਭਾਗ (ਨਹਿਰੀ ਕਲੌਨੀ, ਬਠਿੰਡਾ ਰੋਡ, ਸ੍ਰੀ ਮੁਕਤਸਰ ਸਾਹਿਬ), ਪੰਚਾਇਤ ਸੰਮਤੀ ਮਲੋਟ ਦੇ 25 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਮਲੋਟ ਨੂੰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਮਲੋਟ (ਕੋਰਟ ਰੂਮ, ਤਹਿਸੀਲ ਕੰਪਲੈਕਸ, ਅਬੋਹਰ ਰੋਡ, ਮਲੋਟ), ਪੰਚਾਇਤ ਸੰਮਤੀ ਲੰਬੀ ਦੇ 25 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਮਲੋਟ ਨੂੰ ਤਹਿਸੀਲਦਾਰ ਕੋਰਟ ਰੂਮ, ਪਹਿਲੀ ਮੰਜ਼ਿਲ, ਤਹਿਸੀਲ ਦਫ਼ਤਰ, ਅਬੋਹਰ ਰੋਡ, ਮਲੋਟ ਅਤੇ ਪੰਚਾਇਤ ਸੰਮਤੀ ਗਿੱਦੜਬਾਹਾ ਦੇ 25 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਨੂੰ ਦਫ਼ਤਰ ਸਹਾਇਕ ਕਪਾਹ ਵਿਸਥਾਰ ਅਫ਼ਸਰ (ਖੇਤੀਬਾੜੀ ਵਿਭਾਗ) ਤਹਿਸੀਲ ਕੰਪਲੈਕਸ ਗਿੱਦੜਬਾਹਾ ‘ਚ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਅਭਿਜੀਤ ਕਪਲਿਸ਼ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈ ਅਤੇ ਲਾਲਚ ਤੋਂ ਕਰਨ।