ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ IAS/PCS ਅਤੇ IPS ਅਧਿਕਾਰੀ ਨਿਯੁਕਤ—ਰਾਜ ਚੋਣ ਕਮਿਸ਼ਨ ਨੇ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਤਿਆਰੀਆਂ ਮੁਕੰਮਲ ਕੀਤੀਆਂ
ਚੰਡੀਗੜ੍ਹ, 12 ਦਸੰਬਰ 2025: ਰਾਜ ਚੋਣ ਕਮਿਸ਼ਨ ਨੇ 14 ਦਸੰਬਰ 2025 ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਨੂੰ ਪੂਰੀ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਕਮਿਸ਼ਨ ਨੇ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਸੀਨੀਅਰ ਪ੍ਰਸ਼ਾਸਕੀ ਤੇ ਪੁਲਿਸ ਅਧਿਕਾਰੀਆਂ ਦੀ ਮਹੱਤਵਪੂਰਨ ਨਿਯੁਕਤੀ ਕੀਤੀ ਹੈ।
ਕਮਿਸ਼ਨ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਆਈ.ਏ.ਐੱਸ./ਸੀਨੀਅਰ ਪੀ.ਸੀ.ਐੱਸ. ਅਧਿਕਾਰੀਆਂ ਨੂੰ ਬਤੌਰ “ਚੋਣ ਅਬਜ਼ਬਰ” ਨਿਯੁਕਤ ਕੀਤਾ ਗਿਆ ਹੈ, ਜੋ ਕਿ ਅੱਜ ਤੋਂ ਲੈਕੇ ਚੋਣ ਅਮਲ ਮੁਕੰਮਲ ਹੋਣ ਤੱਕ (ਭਾਵ ਵੋਟਾਂ ਦੀ ਗਿਣਤੀ ਅਤੇ ਨਤੀਜੇ ਆਉਣ ਤੱਕ) ਆਪਣੇ-ਆਪਣੇ ਜ਼ਿਲ੍ਹੇ ਵਿੱਚ ਮੌਜੂਦ ਰਹਿਣਗੇ ਅਤੇ ਲੋੜ ਅਨੁਸਾਰ ਰਾਜ ਚੋਣ ਕਮਿਸ਼ਨ ਨੂੰ ਇਹਨਾਂ ਚੋਣਾਂ ਸਬੰਧੀ ਸੂਚਿਤ ਕਰਦੇ ਰਹਿਣਗੇ।
ਇਹਨਾਂ ਨਿਯੁਕਤ ਕੀਤੇ ਚੋਣ ਅਬਜ਼ਰਬਰਾਂ ਦੇ ਵੇਰਵੇ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ (https://sec.punjab.gov.in) ਤੇ ਉਪਲੱਬਧ ਹਨ।
ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਤਰਨਤਾਰਨ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਗਾ) ਵਿੱਚ ਇਹਨਾਂ ਚੋਣਾਂ ਦੇ ਅਮਲ ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਨਿਗਰਾਨੀ ਰੱਖਣ ਲਈ 6 ਸੀਨੀਅਰ ਆਈ.ਪੀ.ਐੱਸ. ਅਧਿਕਾਰੀਆਂ ਨੂੰ ਬਤੌਰ “ਪੁਲਿਸ ਆਬਜ਼ਰਬਰ” ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦੇ ਵੇਰਵੇ ਸਬੰਧਤ ਡਿਪਟੀ ਕਮਿਸ਼ਨਰ ਦਫਤਰਾਂ ਵਿੱਚ ਉਪਲੱਬਧ ਹਨ। ਜੇਕਰ ਉਮੀਦਵਾਰ ਨੂੰ ਜ਼ਰੂਰਤ ਮਹਿਸੂਸ ਹੋਵੇ ਤਾਂ ਉਹ ਉਹਨਾਂ ਨਾਲ ਰਾਬਤਾ ਕਾਇਮ ਕਰ ਸਕਦਾ ਹੈ।