ਸੰਨੌਰ ਬੇਅਦਬੀ ਮਾਮਲਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਦੀ ਮੰਗ
Latest News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ਿਲ੍ਹੇ ਦੇ ਕਸਬਾ ਸੰਨੌਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਹੋਈ ਬੇਅਦਬੀ ਦੀ ਘਟਨਾ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਸਮੂਹ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰਾ ਠੇਸ ਪਹੁੰਚਾਉਂਦੀਆਂ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਪਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਨ੍ਹਾਂ ਨੂੰ ਰੋਕਣ ਵਿੱਚ ਅਸਫ਼ਲ ਸਾਬਤ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਘਟਨਾਵਾਂ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਵੀ ਹੋ ਸਕਦੀਆਂ ਹਨ, ਜਿਸ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਬੇਨਕਾਬ ਕਰਨਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਅਤੇ ਮਿਸਾਲੀ ਸਜ਼ਾਵਾਂ ਨਾ ਮਿਲਣ ਕਾਰਨ ਹੀ ਸਿੱਖ ਸੰਗਤ ਵਿੱਚ ਭਾਰੀ ਰੋਸ ਅਤੇ ਗੁੱਸਾ ਵੱਧ ਰਿਹਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਗੰਭੀਰ ਮਾਮਲਿਆਂ ਵਿੱਚ ਤੁਰੰਤ ਅਤੇ ਢੁੱਕਵੇਂ ਕਦਮ ਚੁੱਕੇ ਜਾਣ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ ਅਤੇ ਮੈਂਬਰ ਸ. ਜਸਮੇਰ ਸਿੰਘ ਲਾਛੜੂ ਦੀ ਅਗਵਾਈ ਹੇਠ ਇਕ ਵਫ਼ਦ ਸੰਨੌਰ ਭੇਜਿਆ ਗਿਆ। ਖੰਡਿਤ ਹੋਏ ਪਾਵਨ ਸਰੂਪ ਨੂੰ ਸਤਿਕਾਰ ਸਹਿਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਬਿਰਾਜਮਾਨ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਬੇਹੱਦ ਸੰਵੇਦਨਸ਼ੀਲ ਅਤੇ ਗੰਭੀਰ ਮਸਲਾ ਹੈ, ਜਿਸ ਦੇ ਦੋਸ਼ੀਆਂ ਅਤੇ ਇਸ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਉਣਾ ਲਾਜ਼ਮੀ ਹੈ। ਨਾਲ ਹੀ ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤ ਨੂੰ ਸੁਚੇਤ ਅਤੇ ਚੌਕਸ ਰਹਿਣ ਦੀ ਅਪੀਲ ਵੀ ਕੀਤੀ।