ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜ਼ਮਾਨਤ
Latest News: ਪੰਜਾਬ ਦੇ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਹਾਲਾਂਕਿ, ਇੱਕ ਹੋਰ ਰਿਸ਼ਵਤਖੋਰੀ ਦੇ ਮਾਮਲੇ ਕਾਰਨ ਉਹ ਅਜੇ ਵੀ ਜੇਲ੍ਹ ਵਿੱਚ ਹੀ ਰਹਿਣਗੇ।
ਸੁਣਵਾਈ ਦੌਰਾਨ ਭੁੱਲਰ ਦੇ ਵਕੀਲ ਨੇ ਅਦਾਲਤ ਅੱਗੇ ਦਲੀਲ ਰੱਖੀ ਕਿ ਕੇਂਦਰ ਜਾਂਚ ਬਿਊਰੋ (ਸੀਬੀਆਈ) ਵਲੋਂ ਨਿਯਤ 60 ਦਿਨਾਂ ਦੀ ਮਿਆਦ ਅੰਦਰ ਚਾਰਜਸ਼ੀਟ ਦਾਇਰ ਨਹੀਂ ਕੀਤੀ ਗਈ। ਇਸ ਆਧਾਰ ‘ਤੇ ਉਨ੍ਹਾਂ ਨੇ ਜ਼ਮਾਨਤ ਦੀ ਮੰਗ ਕੀਤੀ।
ਇਸ ਦੇ ਉਲਟ, ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਅਜਿਹੇ ਮਾਮਲਿਆਂ ਵਿੱਚ ਚਾਰਜਸ਼ੀਟ ਦਾਇਰ ਕਰਨ ਲਈ 90 ਦਿਨਾਂ ਦਾ ਸਮਾਂ ਮਿਲਦਾ ਹੈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ।
ਗੌਰਤਲਬ ਹੈ ਕਿ ਸੀਬੀਆਈ ਨੇ 29 ਅਕਤੂਬਰ ਨੂੰ ਹਰਚਰਨ ਸਿੰਘ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ 5 ਨਵੰਬਰ ਨੂੰ ਉਨ੍ਹਾਂ ਦੀ ਰਸਮੀ ਗ੍ਰਿਫ਼ਤਾਰੀ ਕੀਤੀ ਗਈ ਸੀ, ਕਿਉਂਕਿ ਉਸ ਸਮੇਂ ਉਹ ਪਹਿਲਾਂ ਹੀ ਰਿਸ਼ਵਤਖੋਰੀ ਦੇ ਇੱਕ ਹੋਰ ਕੇਸ ਵਿੱਚ ਨਿਆਇਕ ਹਿਰਾਸਤ ਵਿੱਚ ਸਨ।
ਸੀਬੀਆਈ ਵੱਲੋਂ 60 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਨਾ ਕਰਨ ਕਾਰਨ ਸੋਮਵਾਰ ਨੂੰ ਭੁੱਲਰ ਦੇ ਵਕੀਲ ਨੇ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ, ਜਿਸ ‘ਤੇ ਅਦਾਲਤ ਨੇ ਰਾਹਤ ਦਿੱਤੀ।