ਅਜਨਾਲਾ ਵਿੱਚ ਘਰ ਨੂੰ ਅੱਗ ਲਗਣ ਦੀ ਘਟਨਾ, ਪਰਿਵਾਰ ਨੇ ਇਨਸਾਫ ਦੀ ਕੀਤੀ ਮੰਗ
ਅੰਮ੍ਰਿਤਸਰ: ਅਜਨਾਲਾ ਹਲਕੇ ਦੇ ਪਿੰਡ ਤਲਵੰਡੀ ਰਾਏਦਾਦੂ ਵਿੱਚ ਦੇਰ ਰਾਤ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ। ਅੱਗ ਲੱਗਣ ਕਾਰਨ ਘਰ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ, ਜਿਸ ਨਾਲ ਪਰਿਵਾਰ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਅੱਗ ਇੰਨੀ ਭਿਆਨਕ ਸੀ ਕਿ ਘਰ ਵਿੱਚ ਰੱਖਿਆ ਵਿਆਹ-ਸ਼ਾਦੀ ਦਾ ਸਮਾਨ ਅਤੇ ਘਰੇਲੂ ਸਾਮਾਨ ਪੂਰੀ ਤਰ੍ਹਾਂ ਤਬਾਹ ਹੋ ਗਿਆ। ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਨੌਜਵਾਨ ਨਾਲ ਮਾਰਪੀਟ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਵੀ ਕਰ ਦਿੱਤਾ ਗਿਆ।
ਪਿੰਡ ਵਾਸੀਆਂ ਦੇ ਦੱਸਣ ਮੁਤਾਬਕ, ਮਾਮਲੇ ਦੀ ਜੜ੍ਹ ਇੱਕ ਪਰਿਵਾਰਕ ਵਿਵਾਦ ਨਾਲ ਜੁੜੀ ਹੋਈ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਪਿੰਡ ਦੇ ਇੱਕ ਨੌਜਵਾਨ ਦਾ ਤਿੰਨ ਬੱਚਿਆਂ ਦੀ ਮਾਂ ਨਾਲ ਜਾਣਾ ਇਸ ਟਕਰਾਅ ਦਾ ਕਾਰਨ ਬਣਿਆ, ਜਿਸ ਤੋਂ ਬਾਅਦ ਔਰਤ ਦੇ ਰਿਸ਼ਤੇਦਾਰਾਂ ਵੱਲੋਂ ਗੁੱਸੇ ਵਿੱਚ ਆ ਕੇ ਨੌਜਵਾਨ ਦੇ ਘਰ ਨੂੰ ਅੱਗ ਲਗਾਉਣ ਦੀ ਘਟਨਾ ਅੰਜਾਮ ਦਿੱਤਾ ਗਿਆ।
ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਅੱਗ ਲੱਗਣ ਕਾਰਨ ਉਹਨਾਂ ਦੀ ਜ਼ਿੰਦਗੀ ਭਰ ਦੀ ਕਮਾਈ ਸੜ ਕੇ ਰਾਖ ਹੋ ਗਈ ਹੈ।
ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ। ਘਰ ਅੰਦਰ ਪਿਆ ਸਮਾਨ ਪੂਰੀ ਤਰ੍ਹਾਂ ਸੜਿਆ ਹੋਇਆ ਪਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਦੂਜੇ ਪਾਸੇ, ਵਿਰੋਧੀ ਧਿਰ ਵੱਲੋਂ ਰਾਂਝਾ ਨਾਮਕ ਵਿਅਕਤੀ ਨੇ ਆਪਣੇ ਉੱਤੇ ਲਗੇ ਦੋਸ਼ਾਂ ਨੂੰ ਨਿਰਾਧਾਰ ਦੱਸਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਜਾਣ ਬੁੱਝ ਕੇ ਫਸਾਇਆ ਅਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।