ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ ਹੋਣਗੇ; ਹੋਰ ਸਾਰੇ ਪ੍ਰੋਗਰਾਮ ਰੱਦ*
Latest News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਦਫਤਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ ਹੋਣ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਕੋਈ ਵੀ ਮੰਗ ਨਹੀਂ ਕੀਤੀ ਗਈ ਹੈ ਅਤੇ 15 ਜਨਵਰੀ ਨੂੰ ਉਨ੍ਹਾਂ ਦਾ ਕੋਈ ਹੋਰ ਪ੍ਰੋਗਰਾਮ ਨਹੀਂ ਹੈ।
ਇੱਥੇ ਅੱਜ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਾਣੇ ਸਰਧਾਲੂ ਸਿੱਖ ਵਜੋਂ ਤਖਤ ਸਾਹਿਬ ਅੱਗੇ ਪੇਸ ਹੋਣਗੇ ਅਤੇ ਸਮੇਂ ਵਿੱਚ ਕੋਈ ਤਬਦੀਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਜਨਵਰੀ ਨੂੰ ਕੋਈ ਹੋਰ ਪ੍ਰੋਗਰਾਮ ਨਹੀਂ ਹੈ ਅਤੇ ਉਨ੍ਹਾਂ ਨੇ ਭਾਰਤ ਦੇ ਰਾਸਟਰਪਤੀ ਦਫਤਰ ਨੂੰ ਵੀ ਉਨ੍ਹਾਂ ਦੇ ਸਮਾਗਮ ਵਿੱਚ ਸਾਮਲ ਹੋਣ ਤੋਂ ਅਸਮਰੱਥਾ ਬਾਰੇ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਪੱਸਟ ਤੌਰ ‘ਤੇ ਕਿਹਾ ਕਿ 15 ਜਨਵਰੀ ਦਾ ਦਿਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਪੂਰੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਵਿੱਚ ਕਿਸੇ ਵੀ ਤਬਦੀਲੀ ਬਾਰੇ ਉਨ੍ਹਾਂ ਜਾਂ ਉਨ੍ਹਾਂ ਦੇ ਦਫਤਰ ਵੱਲੋਂ ਕੋਈ ਅਧਿਕਾਰਤ ਪੱਤਰ ਜਾਂ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨਿਮਰਤਾ ਨਾਲ ਕਿਹਾ ਕਿ ਉਹ ਬਿਨਾਂ ਕਿਸੇ ਬਦਲਾਅ ਦੇ 15 ਜਨਵਰੀ ਨੂੰ ਤਖਤ ਸਾਹਿਬ ਅੱਗੇ ਪੇਸ ਹੋਣ ਲਈ ਪੂਰੀ ਨਿਮਰਤਾ ਨਾਲ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਹਰ ਸਿੱਖ ਲਈ ਬੇਹੱਦ ਪਵਿੱਤਰ ਹੈ ਅਤੇ ਇਸ ਨੂੰ ਸਿੱਖ ਧਰਮ ਦਾ ਸਭ ਤੋਂ ਉੱਚਾ ਸਥਾਨ ਮੰਨਿਆ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦਾ ਹਰ ਹੁਕਮ ਸਿਰ ਮੱਥੇ ਹੈ ਅਤੇ ਉਸ ਦਾ ਪਾਲਣ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਸਭ ਕੁਝ ਤੋਂ ਉੱਪਰ ਹਨ ਅਤੇ ਇਸ ਤੋਂ ਪ੍ਰਾਪਤ ਹੁਕਮ ਨੂੰ ਪੂਰੀ ਸ਼ਰਧਾ ਨਾਲ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਤਖਤ ਤੋਂ ਪ੍ਰਾਪਤ ਹੁਕਮ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਹਮੇਸਾ ਸਰਵਉੱਚ ਹੈ, ਸੀ ਅਤੇ ਰਹੇਗਾ।