Punjab Weather Update: ਪੰਜਾਬ ਦੇ ਮੌਸਮ ‘ਚ ਇੱਕ ਵਾਰ ਫਿਰ ਤੋਂ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਇਕ ਵਾਰ ਫਿਰ ਤੋਂ ਠੰਡ ਦਾ ਅਹਿਸਾਸ ਹੋਵੇਗਾ। ਪੰਜਾਬ ਵਿੱਚ ਜਿੱਥੇ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ, ਉੱਥੇ ਹੀ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ‘ਚ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿੱਚ ਇਹ ਤਬਦੀਲੀ 9 ਮਾਰਚ ਨੂੰ ਸਰਗਰਮ ਹੋਈ ਪੱਛਮੀ ਗੜਬੜੀ ਕਾਰਨ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ 9 ਮਾਰਚ ਨੂੰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਨਾਲ ਪਹਿਲਾਂ ਪਹਾੜੀ ਇਲਾਕਿਆਂ ‘ਤੇ ਅਸਰ ਪਿਆ ਸੀ ਪਰ ਹੁਣ ਇਸ ਦਾ ਅਸਰ ਪੰਜਾਬ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ।
ਮੌਸਮ ਵਿਭਾਗ ਨੇ ਸੂਬੇ ਭਰ ਵਿੱਚ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਹੈ, ਜੋ ਕਿ 16 ਮਾਰਚ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 16 ਮਾਰਚ ਤੱਕ ਮੀਂਹ ਪਵੇਗਾ। ਇਸ ਤੋਂ ਪਹਿਲਾਂ 13-14 ਮਾਰਚ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਚੱਕਰਵਾਤ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਗੁਜਰਾਤ, ਪੱਛਮੀ ਅਤੇ ਮੱਧ ਭਾਰਤ ਵਿੱਚ ਸਮੇਂ ਤੋਂ ਪਹਿਲਾਂ ਹੀਟ ਵੇਵ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਦੇਸ਼ ਭਰ ਦੇ ਰਾਜਾਂ ਵਿੱਚ ਮੌਸਮ ਦੇ ਪੈਟਰਨ ਵੱਖਰੇ ਹੁੰਦੇ ਹਨ। ਇਕ ਥਾਂ ‘ਤੇ ਗਰਮੀ ਪੈ ਰਹੀ ਹੈ, ਜਦੋਂਕਿ ਦੂਜੀ ਥਾਂ ‘ਤੇ ਬਰਫ ਪੈ ਰਹੀ ਹੈ। ਹਿਮਾਚਲ ਪ੍ਰਦੇਸ਼ ਵਿੱਚ 16 ਮਾਰਚ ਤੱਕ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਿਮਲਾ, ਕਾਂਗੜਾ ਅਤੇ ਚੰਬਾ ਵਰਗੇ ਜ਼ਿਲਿਆਂ ‘ਚ ਭਾਰੀ ਬਰਫਬਾਰੀ ਹੋ ਸਕਦੀ ਹੈ। ਦਿੱਲੀ ਵਿੱਚ 14 ਤੋਂ 16 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।