ਕਾਰ ਦੀ ਖਿੜਕੀ ਖੁੱਲ੍ਹਣ ਨਾਲ ਮੋਟਰਸਾਈਕਲ ਸਵਾਰ ਬਜ਼ੁਰਗ ਬੱਸ ਹੇਠਾਂ ਆਇਆ, ਮੌਕੇ ‘ਤੇ ਮੌਤ
Latest News :ਰਾਜਪੁਰਾ ਨੇੜੇ ਕਾਕਾ ਢਾਬੇ ਦੇ ਸਾਹਮਣੇ ਮੰਗਲਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 70 ਸਾਲਾ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਪੁਲਿਸ ਅਧਿਕਾਰੀ ਐਸ.ਆਈ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਕਰੀਬ 10 ਵਜੇ ਵਾਪਰਿਆ। ਗੁਰਚਰਨ ਸਿੰਘ ਆਪਣੇ ਮੋਟਰਸਾਈਕਲ ‘ਤੇ ਉਕਸੀ ਸੈਣੀਆਂ ਤੋਂ ਰਾਜਪੁਰਾ ਵੱਲ ਜਾ ਰਹੇ ਸਨ। ਜਦੋਂ ਉਹ ਕਾਕਾ ਢਾਬੇ ਕੋਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਖੜ੍ਹੀ ਇੱਕ ਕਾਰ ਦੀ ਖਿੜਕੀ ਅਚਾਨਕ ਖੁੱਲ੍ਹ ਗਈ।
ਮੋਟਰਸਾਈਕਲ ਖਿੜਕੀ ਨਾਲ ਟਕਰਾਉਣ ਕਾਰਨ ਗੁਰਚਰਨ ਸਿੰਘ ਸੜਕ ਦੇ ਸੱਜੇ ਪਾਸੇ ਜਾ ਡਿੱਗੇ। ਇਸੇ ਦੌਰਾਨ ਪਿੱਛੋਂ ਆ ਰਹੀ ਇੱਕ ਪੀ.ਆਰ.ਟੀ.ਸੀ. (PRTC) ਦੀ ਬੱਸ ਦਾ ਪਿਛਲਾ ਟਾਇਰ ਉਹਨਾਂ ਦੇ ਸਿਰ ਉੱਪਰੋਂ ਲੰਘ ਗਿਆ, ਜਿਸ ਕਾਰਨ ਉਹਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੇ ਪੁੱਤਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਖੇਤੀਬਾੜੀ ਦਾ ਕੰਮ ਕਰਦੇ ਸਨ ਅਤੇ ਅੱਜ ਸਵੇਰੇ ਘਰੋਂ ਕਿਸੇ ਕੰਮ ਲਈ ਨਿਕਲੇ ਸਨ। ਪਰਿਵਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ, ਰਾਜਪੁਰਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਐਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਸ਼ਾਮਲ ਕਾਰ ਅਤੇ ਬੱਸ ਦੀ ਪੜਤਾਲ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।