ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਮਹਾਦੋਸ਼ ਦਾ ਅਮਲ ਜਾਰੀ: ਰਿਜਿਜੂ
Latest News: ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਅਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਵਿਰੁੱਧ ਮਹਾਂ ਦੋਸ਼ ਦਾ ਅਮਲ ਜਾਰੀ ਹੈ ਅਤੇ ਸਰਕਾਰ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਦੋਸ਼ਾਂ ਦੀ ਜਾਂਚ ਲਈ ਬਣਾਈ ਤਿੰਨ ਮੈਂਬਰੀ ਕਮੇਟੀ ਦੀ ਰਿਪੋਰਟ ਦੀ ਉਡੀਕ ਕਰ ਰਹੀ ਹੈ। ਬਿਰਲਾ ਨੇ ਜਸਟਿਸ ਵਰਮਾ ਨੂੰ ਹਟਾਉਣ ਲਈ ਬਹੁ-ਪਾਰਟੀ ਨੋਟਿਸ ਸਵੀਕਾਰ ਕਰਨ ਮਗਰੋਂ ਪਿਛਲੇ ਸਾਲ 12 ਅਗਸਤ ਨੂੰ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਵਾਸਤੇ ਕਮੇਟੀ ਗਠਿਤ ਕੀਤੀ ਸੀ।
ਜਸਟਿਸ ਵਰਮਾ ਨੂੰ ਪਿਛਲੇ ਸਾਲ 14 ਮਾਰਚ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਸੜੇ ਹੋਏ ਨੋਟਾਂ ਦੇ ਬੰਡਲ ਮਿਲਣ ਮਗਰੋਂ ਦਿੱਲੀ ਹਾਈ ਕੋਰਟ ਤੋਂ ਵਾਪਸ ਅਲਾਹਾਬਾਦ ਹਾਈ ਕੋਰਟ ਭੇਜ ਦਿੱਤਾ ਗਿਆ ਸੀ। ਇਹ ਪੁੱਛਣ ’ਤੇ ਕਿ ਕੀ ਬੁੱਧਵਾਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਅਗਾਮੀ ਬਜਟ ਸੈਸ਼ਨ ਤੋਂ ਪਹਿਲਾਂ ਇਸ ਮਾਮਲੇ ’ਤੇ ਚਰਚਾ ਕੀਤੀ ਜਾਵੇਗੀ, ਰਿਜਿਜੂ ਨੇ ਇਸ ’ਤੇ ਹੋਰ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਕੇਂਦਰੀ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਪ੍ਰਕਿਰਿਆ ਅਨੁਸਾਰ ਮਾਮਲਾ ਸਦਨ ਦੀ ਸਹਿਮਤੀ ਨਾਲ ਸਪੀਕਰ ਵੱਲੋਂ ਬਣਾਈ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ ਅਤੇ ਅਮਲ ਜਾਰੀ ਹੈ। ਅਸੀਂ ਰਿਪੋਰਟ ਆਉਣ ਦੀ ਉਡੀਕ ਕਰ ਰਹੇ ਹਾਂ। ਇਸ ਤੋਂ ਪਹਿਲਾਂ, ਮੈਂ ਕੋਈ ਟਿੱਪਣੀ ਨਹੀਂ ਕਰ ਸਕਦਾ।’’
ਜਾਂਚ ਕਮੇਟੀ ਵਿੱਚ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ੍ਰੀਵਾਸਤਵ ਅਤੇ ਕਰਨਾਟਕ ਹਾਈ ਕੋਰਟ ਦੇ ਸੀਨੀਅਰ ਵਕੀਲ ਬੀ ਵੀ ਆਚਾਰੀਆ ਸ਼ਾਮਲ ਹਨ।