ਮੁਹਾਲੀ ਦੇ SSP ਦਫ਼ਤਰ ਅੱਗੇ ਨੌਜਵਾਨ ’ਤੇ ਗੋਲੀਬਾਰੀ
Punjab News: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਬੁੱਧਵਾਰ ਦੁਪਹਿਰ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਐਸਐਸਪੀ ਦਫ਼ਤਰ ਦੇ ਗੇਟ ਦੇ ਬਾਹਰ ਸੜਕ ’ਤੇ ਇਕ ਨੌਜਵਾਨ ’ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਦੌਰਾਨ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ਦੀ ਪੁਲਿਸ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਅਤੇ ਕੁਝ ਸਮੇਂ ਲਈ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਂ ਬਾਹਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਪੁਲਿਸ ਵਲੋਂ ਮੌਕੇ ਤੋਂ ਸਬੂਤ ਇਕੱਠੇ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਫਰਾਰ ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਕਰ ਦਿੱਤੀ ਗਈ ਹੈ। ਘਟਨਾ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਇਸ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਉਹ ਬੁੱਧਵਾਰ ਨੂੰ ਆਪਣੀ ਪਤਨੀ ਨਾਲ ਮੁਹਾਲੀ ਕਿਸੇ ਕੰਮ ਆਇਆ ਸੀ ਤੇ ਜਦੋਂ ਉਹ ਆਪਣੀ ਗੱਡੀ ਵਿਚੋਂ ਆਪਣਾ ਮੋਬਾਈਲ ਫੋਨ ਕੱਢਣ ਲਈ ਬਾਹਰ ਆਇਆ ਤਾਂ ਅਚਾਨਕ ਦੋ ਮੋਟਰਸਾਈਕਲ ਸਵਾਰ ਨੌਜਵਾਨ ਆਏ ਅਤੇ ਕਰੀਬ 11 ਗੋਲੀਆਂ ਫਾਇਰ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਵਾਰਦਾਤ ਤੋਂ ਬਾਅਦ ਉਸ ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ ਹੈ।