ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਭਾਰਤ-ਪਾਕਿਸਤਾਨ ਸਰਹੱਦ ਨੇੜੇ 250 ਕਰੋੜ ਦੀ ਹੈਰੋਇਨ ਬਰਾਮਦ
Punjab Police Action; ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਕਰੀਬ 52 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ ਲਗਭਗ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਹ ਵੱਡੀ ਕਾਰਵਾਈ ਥਾਣਾ ਘਰਿੰਡਾ ਪੁਲਿਸ ਵੱਲੋਂ ਅੰਜਾਮ ਦਿੱਤੀ ਗਈ ਹੈ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਨਸ਼ਿਆਂ ਦੀ ਵੱਡੀ ਖੇਪ ਲੈ ਕੇ ਜਾ ਰਹੇ ਹਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਖਾਸਾ ਇਲਾਕੇ ਨੇੜੇ ਸਪੈਸ਼ਲ ਨਾਕਾਬੰਦੀ ਕੀਤੀ। ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ।
ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕਰੀਬ 52 ਕਿਲੋ ਹੈਰੋਇਨ ਬਰਾਮਦ ਕੀਤੀ। ਤੁਰੰਤ ਕਾਰਵਾਈ ਕਰਦਿਆਂ ਦੋਵੇਂ ਨੌਜਵਾਨਾਂ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਗੁਰਜੀਤ ਸਿੰਘ ਅਤੇ ਰਣਜੀਤ ਸਿੰਘ ਵਜੋਂ ਹੋਈ ਹੈ।
ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਨਾਰਕੋਟਿਕਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਅੰਤਰਰਾਸ਼ਟਰੀ ਨੈੱਟਵਰਕ ਬਾਰੇ ਵੱਡੇ ਖੁਲਾਸੇ ਹੋ ਸਕਦੇ ਹਨ।
ਪੁਲਿਸ ਅਨੁਸਾਰ, ਇਹ ਹੈਰੋਇਨ ਸਰਹੱਦ ਪਾਰ ਤੋਂ ਡਰੋਨ ਜਾਂ ਹੋਰ ਤਰੀਕਿਆਂ ਰਾਹੀਂ ਭਾਰਤ ਵਿੱਚ ਦਾਖਲ ਕੀਤੀ ਗਈ ਹੋ ਸਕਦੀ ਹੈ। ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ।
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।