Budget 2026: ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ‘ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
Budget 2026: ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿੱਤ ਮੰਤਰੀ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 2026 ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਬਜਟ ਦੀ ਪੇਸ਼ਕਾਰੀ ਦੇ ਸਮੇਂ ਅਤੇ ਇਸ ਵਿੱਚ ਸ਼ਾਮਲ ਸਮੱਗਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਹੈ। ਉਨ੍ਹਾਂ ਨੇ ਪਹਿਲਾਂ ਵੀ ਇਸ ਪਵਿੱਤਰ ਦਿਨ ‘ਤੇ ਬਜਟ ਪੇਸ਼ ਕਰਨ ‘ਤੇ ਇਤਰਾਜ਼ ਜਤਾਇਆ ਸੀ ਅਤੇ ਮੰਗ ਕੀਤੀ ਸੀ ਕਿ ਇਸ ਦਿਨ ਛੁੱਟੀ ਹੋਣੀ ਚਾਹੀਦੀ ਸੀ।
ਵਾਰਾਣਸੀ ਜਾਣ ਦੀ ਯੋਜਨਾ ਰੱਦ
ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ ਕਿ ਉਹ ਅੱਜ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਵਾਰਾਣਸੀ ਜਾਣ ਦੀ ਯੋਜਨਾ ਬਣਾ ਰਹੇ ਸਨ ਪਰ ਐਤਵਾਰ ਹੋਣ ਦੇ ਬਾਵਜੂਦ ਬਜਟ ਪੇਸ਼ ਕੀਤੇ ਜਾਣ ਕਾਰਨ ਉਹ ਉੱਥੇ ਨਹੀਂ ਜਾ ਸਕੇ।
ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਕੋਈ ਐਲਾਨ ਨਹੀਂ
ਚਰਨਜੀਤ ਸਿੰਘ ਚੰਨੀ ਨੇ ਅਫ਼ਸੋਸ ਪ੍ਰਗਟਾਇਆ ਕਿ ਬਜਟ ਦੌਰਾਨ ਕਿਸੇ ਵੀ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜ਼ਿਕਰ ਨਹੀਂ ਕੀਤਾ। ਸਰਕਾਰ ਵੱਲੋਂ ਉਨ੍ਹਾਂ ਦੇ ਨਾਮ ‘ਤੇ ਕਿਸੇ ਵੀ ਸਕੀਮ, ਯੂਨੀਵਰਸਿਟੀ ਜਾਂ ਕਿਸੇ ਨਵੀਂ ਪਹਿਲਕਦਮੀ ਦਾ ਐਲਾਨ ਨਹੀਂ ਕੀਤਾ ਗਿਆ।
ਗ਼ਰੀਬਾਂ ਅਤੇ ਕਿਸਾਨਾਂ ਦੀ ਅਣਦੇਖੀ
ਚੰਨੀ ਨੇ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ‘ਚ ਕਿਸਾਨਾਂ, ਮਜ਼ਦੂਰਾਂ ਜਾਂ ਗ਼ਰੀਬ ਤਬਕੇ ਲਈ ਕੋਈ ਰਾਹਤ ਜਾਂ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਗਏ ਹਨ। ਚਰਨਜੀਤ ਸਿੰਘ ਚੰਨੀ ਦੇ ਇਸ ਬਿਆਨ ਨੇ ਬਜਟ ਸੈਸ਼ਨ ਦੌਰਾਨ ਸਰਕਾਰ ਦੀਆਂ ਤਰਜੀਹਾਂ ‘ਤੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ।