ਗੈਂਗਸਟਰਾਂ ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੱਕੇ ਸਰਹੱਦੀ ਨਾਕੇ, ਸਖ਼ਤ ਚੈਕਿੰਗ ਜਾਰੀ
War on gangsters in Punjab; ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਚਲਾਈ ਜਾ ਰਹੀ “ਗੈਂਗਸਟਰਾਂ ਤੇ ਵਾਰ” ਮੁਹਿੰਮ ਤਹਿਤ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਰਾਤ-ਦਿਨ ਨਾਕਾਬੰਦੀ ਕਰਕੇ ਪੁਲਿਸ ਵੱਲੋਂ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪੀ.ਸੀ.ਆਰ. ਤੇ ਗਸ਼ਤੀ ਟੀਮਾਂ ਵੱਲੋਂ ਇਲਾਕਿਆਂ ਵਿੱਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ।
ਇਸੇ ਮੁਹਿੰਮ ਦੇ ਤਹਿਤ ਜ਼ਿਲ੍ਹੇ ਨਾਲ ਲੱਗਦੇ ਹੋਰ ਜ਼ਿਲ੍ਹਿਆਂ ਦੇ ਅੰਦਰ ਤੇ ਬਾਹਰ ਜਾਣ ਵਾਲੇ ਮੁੱਖ ਰਸਤਿਆਂ ‘ਤੇ ਕੁੱਲ 09 ਪੱਕੇ ਇੰਟਰ-ਡਿਸਟ੍ਰਿਕਟ ਸਰਹੱਦੀ ਨਾਕੇ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਨਾਕਿਆਂ ਰਾਹੀਂ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਜਾਂ ਬਾਹਰ ਜਾਣ ਵਾਲੇ ਹਰ ਵਾਹਨ ਅਤੇ ਵਿਅਕਤੀ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਨਾਕਿਆਂ ‘ਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦੇ ਨਾਲ-ਨਾਲ ਨਵੇਂ ਬੈਰੀਕੇਡ, ਟਾਰਚ ਲਾਈਟਾਂ ਅਤੇ ਰਿਫਲੈਕਟਰ ਜੈਕਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਰਾਤ-ਦਿਨ ਸ਼ਿਫਟਾਂ ਅਨੁਸਾਰ ਡਿਊਟੀ ਲਗਾ ਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ, ਜਿਸਦੀ ਨਿਗਰਾਨੀ ਸੰਬੰਧਿਤ ਸਬ-ਡਿਵੀਜ਼ਨ ਦੇ ਡੀਐਸਪੀ ਵੱਲੋਂ ਕੀਤੀ ਜਾ ਰਹੀ ਹੈ।
ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਦੂਜੇ ਜ਼ਿਲ੍ਹਿਆਂ ਦੀ ਪੁਲਿਸ ਨਾਲ ਪੂਰੇ ਤਾਲਮੇਲ ਨਾਲ ਸਾਂਝੀ ਡਿਊਟੀ ਕੀਤੀ ਜਾ ਰਹੀ ਹੈ ਤਾਂ ਜੋ ਅਪਰਾਧਕ ਗਤੀਵਿਧੀਆਂ ‘ਤੇ ਪ੍ਰਭਾਵਸ਼ਾਲੀ ਰੋਕ ਲੱਗ ਸਕੇ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣੀ ਰਹੇ। ਉਨ੍ਹਾਂ ਦੱਸਿਆ ਕਿ ਹਰ ਨਾਕੇ ‘ਤੇ ਵਾਇਰਲੈਸ ਸੈਟ ਉਪਲਬਧ ਕਰਵਾਏ ਗਏ ਹਨ, ਜਿਸ ਨਾਲ ਲੋੜ ਪੈਣ ‘ਤੇ ਤੁਰੰਤ ਕਾਰਵਾਈ ਸੰਭਵ ਬਣਦੀ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਹੈਲਪਲਾਈਨ ਨੰਬਰ 80549-42100 ਜਾਂ ਐਮਰਜੈਂਸੀ ਨੰਬਰ 112 ‘ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।