‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਪੁਲਿਸ ਦੀ ਵੱਡੀ ਕਾਰਵਾਈ, , Gym ਟ੍ਰੇਨਰ ਹੀ ਨਿਕਲਿਆ ਨਸ਼ਾ ਤਸਕਰ
ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਵੱਡੀ ਮਾਤਰਾ ਵਿੱਚ ਹੈਰੋਇਨ ਸਮੇਤ ਦੋਸ਼ੀ ਨੂੰ ਕਾਬੂ ਕੀਤਾ ਹੈ।ਮਾਮਲਾ ਬਠਿੰਡਾ ਦੇ ਥਾਣਾ ਸਿਵਲ ਲਾਈਨ ਇਲਾਕੇ ਨਾਲ ਸੰਬੰਧਿਤ ਹੈ, ਜਿੱਥੇ ਪੁਲਿਸ ਟੀਮ ਵੱਲੋਂ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ।
ਤਲਾਸ਼ੀ ਦੌਰਾਨ ਪੁਲਿਸ ਨੂੰ ਉਸ ਦੇ ਕਬਜ਼ੇ ਵਿੱਚੋਂ ਤਕਰੀਬਨ 357 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ।ਹੈਰਾਨੀ ਦੀ ਗੱਲ ਇਹ ਹੈ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਬਠਿੰਡਾ ਦੀ ਸੌ ਫੁੱਟੀ ਰੋਡ ‘ਤੇ ਇਕ ਜਿੰਮ ਨਾਲ ਜੁੜਿਆ ਹੋਇਆ ਹੈ, ਜਿੱਥੇ ਉਹ ਜਿੰਮ ਟ੍ਰੇਨਰ ਵਜੋਂ ਕੰਮ ਕਰਦਾ ਸੀ ਅਤੇ ਜਿੰਮ ਦਾ ਮਾਲਕ ਵੀ ਦੱਸਿਆ ਜਾ ਰਿਹਾ ਹੈ।
ਇੱਕ ਪਾਸੇ ਜਿੱਥੇ ਉਹ ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਿਤ ਕਰਦਾ ਸੀ, ਉੱਥੇ ਹੀ ਦੂਜੇ ਪਾਸੇ ਨਸ਼ੇ ਦੀ ਤਸਕਰੀ ਕਰਨ ਦੇ ਦੋਸ਼ਾਂ ‘ਚ ਪੁਲਿਸ ਦੇ ਹੱਥ ਚੜ੍ਹ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ-2 ਸਰਬਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੁਲਿਸ ਹੁਣ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰੇਗੀ ਅਤੇ ਉਸ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਜਾਂਚ ਕੀਤੀ ਜਾਵੇਗੀ ਕਿ ਇਹ ਨਸ਼ਾ ਕਿੱਥੋਂ ਲਿਆਉਂਦਾ ਸੀ ਅਤੇ ਅੱਗੇ ਕਿਨ੍ਹਾਂ ਲੋਕਾਂ ਤੱਕ ਪਹੁੰਚਾਇਆ ਜਾਂਦਾ ਸੀ।ਇਸ ਦੇ ਨਾਲ ਹੀ ਦੋਸ਼ੀ ਦਾ ਡੋਪ ਟੈਸਟ ਵੀ ਕਰਵਾਇਆ ਜਾਵੇਗਾ, ਜਿਸ ਨਾਲ ਇਹ ਵੀ ਸਪਸ਼ਟ ਹੋਵੇਗਾ ਕਿ ਉਹ ਖੁਦ ਨਸ਼ੇ ਦਾ ਆਦੀ ਹੈ ਜਾਂ ਸਿਰਫ ਨਸ਼ਾ ਸਪਲਾਈ ਕਰਨ ਦਾ ਕੰਮ ਕਰਦਾ ਸੀ।
ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਜਾਂਚ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਵੱਡੇ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ।