ਸਰਪੰਚ ਹਰਵਿੰਦਰ ਸਿੰਘ ਹੈਪੀ ਕਤਲ ਕਾਂਡ: ਮੁੱਖ ਮੁਲਜ਼ਮ ਮਨਪ੍ਰੀਤ ਬਬਲੂ ਲੱਦਾਖ ਤੋਂ ਗ੍ਰਿਫ਼ਤਾਰ
Latest News: ਪੰਜਾਬ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਖੇਤਰ ਵਿੱਚ ਪਿੰਡ ਪੱਤੋ ਹੀਰਾ ਦੇ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਮਾਮਲੇ ਦੇ ਮੁੱਖ ਦੋਸ਼ੀ ਮਨਪ੍ਰੀਤ ਸਿੰਘ ਉਰਫ਼ ਬਬਲੂ ਨੂੰ ਪੁਲਿਸ ਨੇ ਲੱਦਾਖ ਤੋਂ ਕਾਬੂ ਕਰ ਲਿਆ ਹੈ।
ਪੁਲਿਸ ਅਨੁਸਾਰ ਮੁਲਜ਼ਮ ਨੂੰ ਹੁਣ ਮੋਗਾ ਲਿਆਂਦਾ ਜਾਵੇਗਾ, ਜਿੱਥੇ CIA Staff Punjab Police ਦੀ ਟੀਮ ਉਸ ਤੋਂ ਪੁੱਛਗਿੱਛ ਕਰੇਗੀ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਕਤਲ ਕਾਂਡ ਨਾਲ ਜੁੜੇ ਹੋਰ ਫਰਾਰ ਸ਼ੱਕੀਆਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਬਾਕੀ ਮੁਲਜ਼ਮ ਵੀ ਜਲਦੀ ਕਾਬੂ ਆ ਜਾਣਗੇ।
11 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ
ਪੱਤੋ ਹੀਰਾ ਸਿੰਘ ਪਿੰਡ ਵਿੱਚ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਦੇ ਕਤਲ ਦੇ ਸਬੰਧ ਵਿੱਚ ਬਾਘਾਪੁਰਾਣਾ ਪੁਲਿਸ ਨੇ 11 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਇਹ ਮਾਮਲਾ ਪੱਤੋ ਹੀਰਾ ਸਿੰਘ ਦੇ ਵਸਨੀਕ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ।
ਪੁਲਿਸ ਨੇ ਜੈਮਲਵਾਲਾ ਪਿੰਡ ਦੇ ਮਨਪ੍ਰੀਤ ਸਿੰਘ ਉਰਫ਼ ਬਬਲੂ, ਜੋਬਨਪ੍ਰੀਤ ਸਿੰਘ, ਜਸਵੰਤ ਸਿੰਘ ਅਤੇ ਪੱਤੋ ਹੀਰਾ ਸਿੰਘ ਪਿੰਡ ਦੇ ਜਸਕਰਨ ਸਿੰਘ ਉਰਫ਼ ਜੱਸੂ ਸ਼ਰਮਾ ਦੇ ਨਾਲ ਛੇ ਤੋਂ ਸੱਤ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਪੈਟਰੋਲ ਪੰਪ ਦੇ ਸਾਹਮਣੇ ਮਾਰੀ ਸੀ ਗੋਲੀ
ਇਸ ਮਾਮਲੇ ਵਿੱਚ ਮੋਗਾ ਦੇ SSP ਅਜੇ ਗਾਂਧੀ ਨੇ ਦੱਸਿਆ ਕਿ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਨੂੰ ਕੋਟਕਪੂਰਾ ਰੋਡ ‘ਤੇ ਇੱਕ ਪੈਟਰੋਲ ਪੰਪ ਦੇ ਸਾਹਮਣੇ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਜਦੋਂ ਉਹ ਆਪਣੀ ਕਾਰ ਤੋਂ ਉਤਰ ਰਹੇ ਸਨ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ।
ਮੁਲਜ਼ਮਾਂ ਦੀ ਭਾਲ ਜਾਰੀ
ਹਮਲਾਵਰਾਂ ਨੂੰ ਫੜਨ ਲਈ ਪੁਲਿਸ ਟੀਮਾਂ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਕਈ ਲੋਕਾਂ ਤੋਂ ਪੁੱਛਗਿੱਛ ਕਰ ਰਹੀਆਂ ਹਨ। ਮੋਗਾ ਦੇ ਐਸਐਸਪੀ ਅਜੇ ਗਾਂਧੀ ਨੇ ਭਰੋਸਾ ਦਿੱਤਾ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਹੈਪੀ ਸਰਪੰਚ ਦੇ ਹੋਰ ਫਰਾਰ ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਅਗਲੇਰੀ ਜਾਂਚ ਬਾਘਾ ਪੁਰਾਣਾ ਥਾਣੇ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।