ਭਾਜਪਾ ਦੀ ‘ਬਦਲਾਅ ਰੈਲੀ’: ਅਮਿਤ ਸ਼ਾਹ ਪਹੁੰਚੇ, AAP ਨੇ ਪੁੱਛੇ 1600 ਕਰੋੜ ਦੇ ਸਵਾਲ
Latest News: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਵੱਲੋਂ ਅੱਜ ਮੋਗਾ ਵਿੱਚ ਵੱਡੀ ‘ਬਦਲਾਅ ਰੈਲੀ’ ਕੀਤੀ ਜਾ ਰਹੀ ਹੈ। ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ Amit Shah ਮੋਗਾ ਪਹੁੰਚ ਚੁੱਕੇ ਹਨ। ਉਨ੍ਹਾਂ ਦਾ ਹੈਲੀਕਾਪਟਰ ਰੈਲੀ ਸਥਾਨ ‘ਤੇ ਲੈਂਡ ਕਰ ਗਿਆ ਹੈ ਅਤੇ ਕੁਝ ਹੀ ਸਮੇਂ ਵਿੱਚ ਉਹ ਲੋਕਾਂ ਨੂੰ ਸੰਬੋਧਨ ਕਰਨਗੇ।
ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਇੱਕ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਲਿਖਿਆ ਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤੀ ਲੋਕਾਂ ਲਈ ਜਾਣਿਆ ਜਾਣ ਵਾਲਾ ਪੰਜਾਬ ਅੱਜ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਦੇ ਕਾਰਨ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ।
ਕੇਂਦਰੀ ਗ੍ਰਹਿ ਮੰਤਰੀ ਦੀ ਆਮਦ ‘ਤੇ ਆਮ ਆਦਮੀ ਪਾਰਟੀ ਦੇ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਈ ਸਵਾਲ ਚੁੱਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 1600 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਗ੍ਰਹਿ ਮੰਤਰੀ ਦੱਸਣ ਕਿ ਕੀ ਉਹ ਚੈੱਕ ਲੈ ਕੇ ਆਏ ਹਨ? ਪੰਜਾਬ ਨੂੰ 1600 ਕਰੋੜ ਤਾਂ ਕੀ 16 ਰੁਪਏ ਤੱਕ ਵੀ ਨਹੀਂ ਮਿਲੇ।
ਦੂਜੇ ਪਾਸੇ, ਕਿਸਾਨ ਮਜ਼ਦੂਰ ਮੋਰਚਾ ਵੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਪ੍ਰਦਰਸ਼ਨ ਕਰ ਰਿਹਾ ਹੈ। ਯੂਨੀਅਨ ਵਰਕਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਅਮਿਤ ਸ਼ਾਹ ਦਾ ਪੁਤਲਾ ਵੀ ਸਾੜਨਗੇ। ਦੱਸ ਦਈਏ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ ਹੈ, ਸਗੋਂ ਹਰ ਆਮ ਨਾਗਰਿਕ ਦੀ ਹੈ। ਅੱਜ ਦੇ ਦਿਨ ਭਰ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਦਾ ਟੀਚਾ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਮੁਕਤ ਕਰਨਾ ਹੈ। ਯੂਨੀਅਨ ਆਗੂਆਂ ਨੇ ਵਿਰੋਧ ਪ੍ਰਦਰਸ਼ਨਾਂ ਲਈ ਤਿੰਨ ਵੱਡੀਆਂ ਸਥਾਨਕ ਅਤੇ ਪ੍ਰਸ਼ਾਸਨਿਕ ਅਸਫਲਤਾਵਾਂ ਨੂੰ ਜ਼ਿੰਮੇਵਾਰ ਠਹਿਰਾਇਆ। ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਜੇਕਰ ਅੱਜ ਉਨ੍ਹਾਂ ਦੀਆਂ ਮੰਗਾਂ ‘ਤੇ ਠੋਸ ਕਾਰਵਾਈ ਨਹੀਂ ਕੀਤੀ ਗਈ ਤਾਂ ਅੰਦੋਲਨ ਤੇਜ਼ ਹੋ ਜਾਵੇਗਾ।