ਵੱਡੀ ਖ਼ਬਰ: ਬਰਜਿੰਦਰ ਸਿੰਘ ਮੱਖਣ ਬਰਾੜ ਨੇ ਦਿੱਤਾ ਅਸਤੀਫਾ, ਲੀਡਰਸ਼ਿਪ ’ਤੇ ਵੱਡੇ ਦੋਸ਼
Barjinder Singh Makhan Barar Resigns; ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਅਕਾਊਂਟ ‘ਤੇ ਪਾਈ ਹੈ। ਦੱਸ ਦਈਏ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਅਤੇ ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਹਨ । ਉਹ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਨਗਰ ਨਿਗਮ ਦੇ ਪਹਿਲੇ ਪ੍ਰਧਾਨ ਬਣੇ ਅਤੇ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਪੰਜਾਬ ਚੇਅਰਮੈਨ ਵੀ ਰਹਿ ਚੁੱਕੇ ਹਨ।
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਜਨਰਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਬਰਾੜ ਨੇ ਪਾਰਟੀ ਲੀਡਰਸ਼ਿਪ ਅਤੇ ਕੁਝ ਵਿਅਕਤੀਆਂ ‘ਤੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਦੀ ਦੁਰਵਰਤੋਂ ਕਰ ਰਹੇ ਹਨ ਅਤੇ ਪੰਥ ਅਤੇ ਪੰਜਾਬ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਹਿੱਤਾਂ ‘ਤੇ ਚੁੱਪ ਹੈ। ਇਹ ਸਰਕਾਰ ਵਿਰੁੱਧ ਬੋਲਦੇ ਹੋਏ ਸਿਰਫ਼ ਅਕਾਲੀ ਦਲ ‘ਤੇ ਹਮਲਾ ਕਰਦੀ ਹੈ। ਇਸ ਘਟਨਾਕ੍ਰਮ ਨੇ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਲਿਆ ਦਿੱਤਾ ਹੈ ਅਤੇ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਹੋਰ ਰਾਜਨੀਤਿਕ ਪਾਰਟੀਆਂ ਬਰਾੜ ਦੇ ਦੋਸ਼ਾਂ ਦਾ ਕੀ ਜਵਾਬ ਦਿੰਦੀਆਂ ਹਨ।
ਬਰਾੜ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਇਹ ਨਵੀਂ ਪਾਰਟੀ ਇੱਕ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ ਬਣਾਈ ਗਈ ਸੀ। ਜਿਸ ਦਾ ਮੁੱਖ ਉਦੇਸ਼ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਸੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਕੇਂਦਰੀ ਏਜੰਸੀਆਂ ਅਤੇ ਮੌਜੂਦਾ ਪੰਜਾਬ ਸਰਕਾਰ ਨੇ ਵੀ ਇਸ ਕਥਿਤ ਸਾਜ਼ਿਸ਼ ਵਿੱਚ ਭੂਮਿਕਾ ਨਿਭਾਈ, ਪੰਥਕ ਰਾਜਨੀਤੀ ਨੂੰ ਨੁਕਸਾਨ ਪਹੁੰਚਾਉਣ ਦੀ ਹਰ ਕੋਸ਼ਿਸ਼ ਕੀਤੀ।
ਅਕਾਲੀ ਦਲ ਦੇ ਖਿਲਾਫ਼ ਬੋਲਦੇ ਹਨ, ਸਰਕਾਰਾਂ ਖਿਲਾਫ਼ ਨਹੀਂ
ਉਨ੍ਹਾਂ ਨੇ ਖਾਸ ਤੌਰ ‘ਤੇ ਮਨਪ੍ਰੀਤ ਸਿੰਘ ਇਆਲੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਇਆਲੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ, ਪਰ ਉਹ ਅਕਸਰ ਪੰਥ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚੁੱਪ ਰਹਿੰਦੇ ਹਨ। ਬਰਾੜ ਨੇ ਇਹ ਵੀ ਕਿਹਾ ਕਿ ਇਆਲੀ ਸਿਰਫ਼ ਅਕਾਲੀ ਦਲ ਦੇ ਖਿਲਾਫ਼ ਬੋਲਦੇ ਹਨ ਅਤੇ ਸਰਕਾਰਾਂ ਦੇ ਖਿਲਾਫ਼ ਨਹੀਂ ਬੋਲਦੇ, ਜੋ ਕਿ ਇਆਲੀ ਦੇ ਨਿੱਜੀ ਅਤੇ ਵਪਾਰਕ ਹਿੱਤਾਂ ਕਾਰਨ ਹੋ ਸਕਦਾ ਹੈ।
ਕੇਂਦਰੀ ਏਜੰਸੀਆਂ ਦੇ ਇਸ਼ਾਰੇ ‘ਤੇ ਕਰਦੇ ਹਨ ਕੰਮ
ਇਸ ਤੋਂ ਇਲਾਵਾ, ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਕੇਂਦਰੀ ਏਜੰਸੀਆਂ ਦੇ ਇਸ਼ਾਰੇ ‘ਤੇ ਕੰਮ ਕਰਨ ਦਾ ਇਲਜ਼ਾਮ ਲਗਾਇਆ। ਬਰਾੜ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਨ੍ਹਾਂ ਗਤੀਵਿਧੀਆਂ ਨੂੰ ਦੇਖ ਰਹੇ ਸਨ, ਪਰ ਹੁਣ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨੂੰ ਚੁੱਪ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਉਹ ਪੰਥ ਦੇ ਸਾਹਮਣੇ ਪੂਰੀ ਸੱਚਾਈ ਦਾ ਪਰਦਾਫਾਸ਼ ਕਰਨਗੇ।