ਹਲਕਾ ਭੋਆ ਪੁਲਾਂ ਦੇ ਨਿਰਮਾਣ ਦਾ ਲਾਲ ਚੰਦ ਕਟਾਰੂਚੱਕ ਨੇ ਲਿਆ ਜਾਇਜ਼ਾ, ਬੋਲੇ- ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
Punjab bridge construction; ਅੱਜ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਭੋਆ ਵਿੱਚ ਕੀਤੇ ਜਾ ਰਹੇ ਤਿੰਨ ਪੁਲਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਦੌਰਾ ਕੀਤਾ ਗਿਆ। ਚੱਲ ਰਹੇ ਪੁਲਾਂ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕਰਨ ਮਗਰੋਂ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਹਲਕੇ ਵਿੱਚ ਤਿੰਨ ਵੱਡੇ ਪੁਲਾਂ ਦੇ ਨਿਰਮਾਣ ਲਈ ਮਨਜ਼ੂਰੀ ਲਿਆਉਂਦੀ ਗਈ ਸੀ। ਇਹ ਪੁਲ ਸੰਗਾਰਮਾ ਦਰਿਆ ਉੱਤੇ ਜਲਾਲੀਆ ਅਤੇ ਘਰੋਟਾ ਦੇ ਨਾਲ ਲੱਗਦੇ ਸਾਵਲਾ ਪਿੰਡ ਦੇ ਨੇੜੇ ਤਿਆਰ ਕੀਤੇ ਜਾਣਗੇ। ਇਹਨਾਂ ਪ੍ਰੋਜੈਕਟਾਂ ਲਈ ਕਰੀਬ 62 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਇਲਾਕੇ ਦੀ ਆਵਾਜਾਈ ਸੁਵਿਧਾਵਾਂ ਵਿੱਚ ਵੱਡਾ ਸੁਧਾਰ ਆਵੇਗਾ।
ਮੰਤਰੀ ਨੇ ਦੱਸਿਆ ਕਿ ਇਸ ਵੇਲੇ ਜਲਾਲੀਆ ਵਿਖੇ ਮਿੱਟੀ ਦੀ ਜਾਂਚ ਅਤੇ ਤਕਨੀਕੀ ਸਰਵੇ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇੰਜੀਨੀਅਰਿੰਗ ਟੀਮਾਂ ਵੱਲੋਂ ਪਿੱਲਰਾਂ ਦੀ ਮਜ਼ਬੂਤੀ ਅਤੇ ਲੈਵਲ ਤੈਅ ਕਰਨ ਲਈ ਮਿੱਟੀ ਦੀ ਪਰਖ ਕੀਤੀ ਜਾ ਰਹੀ ਹੈ। ਇਹ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਨਿਰਮਾਣ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਸੰਗਾਰਮਾ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਜਲਾਲੀਆ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਵਾਜਾਈ ਬਹੁਤ ਪ੍ਰਭਾਵਿਤ ਹੁੰਦੀ ਹੈ। ਕਈ ਵਾਰ ਸੜਕਾਂ ਬੰਦ ਹੋ ਜਾਂਦੀਆਂ ਹਨ ਇੱਕ ਸਮੇਂ ’ਤੇ ਸਿਰਫ ਇੱਕ ਵਾਹਨ ਗੁਜ਼ਰ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਇਹ ਤਿੰਨ ਪੁਲ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਕਿਸਾਨਾਂ, ਵਿਦਿਆਰਥੀਆਂ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲਿਆਂ ਲਈ ਇਹ ਪੁਲ ਜੀਵਨ ਰੇਖਾ ਸਾਬਤ ਹੋਣਗੇ। ਇਸ ਨਾਲ ਨਾ ਸਿਰਫ ਸਮਾਂ ਬਚੇਗਾ, ਸਗੋਂ ਆਰਥਿਕ ਗਤੀਵਿਧੀਆਂ ਨੂੰ ਵੀ ਨਵੀਂ ਤਾਕਤ ਮਿਲੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਹਰ ਪ੍ਰੋਜੈਕਟ ਦੀ ਨਿਗਰਾਨੀ ਖੁਦ ਮੈਦਾਨ ਵਿੱਚ ਜਾ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਸਮੇਂ-ਸਮੇਂ ’ਤੇ ਦੌਰੇ ਕਰਕੇ ਕੰਮ ਦੀ ਗਤੀ ਤੇ ਗੁਣਵੱਤਾ ਨੂੰ ਯਕੀਨੀ ਬਣਾ ਰਹੇ ਹਨ। ਉਹਨਾਂ ਇਸ ਮੌਕੇ ਤੇ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਹਲਕਾ ਭੋਆ, ਜਿਲਾ ਪਠਾਨਕੋਟ ਅਤੇ ਪੂਰੇ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ।