ਤੇਜ਼ ਰਫ਼ਤਾਰ ਕਹਿਰ! ਦੋ ਕਾਰਾਂ ਦੀ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ, ਕਈ ਜ਼ਖਮੀ
Sangrur road accident; ਸੰਗਰੂਰ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ, ਜਿੱਥੇ ਬਾਈਪਾਸ ‘ਤੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਜਦਕਿ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਜਾਣਕਾਰੀ ਮਿਲੀ ਹੈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਇੰਸਪੈਕਟਰ ਸ਼ਮਸ਼ੇਰ ਸਿੰਘ ਆਪਣੀ ਟੀਮ ਸਮੇਤ ਤੁਰੰਤ ਮੌਕੇ ‘ਤੇ ਪਹੁੰਚੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਭਗ 10 ਮਿੰਟ ਪਹਿਲਾਂ ਹੀ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਸੀ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ।
ਇਸ ਹਾਦਸੇ ਦਾ ਸ਼ਿਕਾਰ ਹੋਏ ਮਹਿੰਦਰ ਸ਼ਰਮਾ ਨੇ ਦੱਸਿਆ ਕਿ ਉਹ ਜਲੰਧਰ ਤੋਂ ਲੁਧਿਆਣਾ ਜਾ ਰਹੇ ਸਨ। ਉਹ ਆਪਣੇ ਪਰਿਵਾਰ ਨਾਲ ਆਪਣੀ ਭੈਣ ਦੇ ਅੰਤਿਮ ਸੰਸਕਾਰ ਲਈ ਜਾ ਰਹੇ ਸਨ, ਜਦੋਂ ਸੰਗਰੂਰ ਬਾਈਪਾਸ ‘ਤੇ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਥਾਰ ਨੇ ਉਨ੍ਹਾਂ ਦੀ ਟੈਕਸੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਹਸਪਤਾਲ ਵਿੱਚ ਤਾਇਨਾਤ ਡਾ. ਗੀਤਾਂਸ਼ੂ ਨੇ ਦੱਸਿਆ ਕਿ ਦੁਪਹਿਰ ਕਰੀਬ 1:30 ਵਜੇ ਐਂਬੂਲੈਂਸ ਰਾਹੀਂ ਤਿੰਨ ਮਰੀਜ਼ਾਂ ਨੂੰ ਲਿਆਂਦਾ ਗਿਆ ਸੀ। ਡਾਕਟਰ ਅਨੁਸਾਰ, ਇੱਕ ਵਿਅਕਤੀ ਨੂੰ ‘ਬ੍ਰੌਂਗ ਡੈੱਡ’ (ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ) ਐਲਾਨਿਆ ਗਿਆ ਹੈ। ਬਾਕੀ ਦੋ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਨੂੰ ਸਥਿਰ ਦੱਸਿਆ ਜਾ ਰਿਹਾ ਹੈ, ਪਰ ਅਗਲੀ ਜਾਂਚ ਲਈ ਉਨ੍ਹਾਂ ਨੂੰ ਸੀਟੀ ਸਕੈਨ ਲਈ ਕਿਹਾ ਗਿਆ ਹੈ। ਬਾਕੀ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।