ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਵਿਰੁੱਧ ‘ਆਪ’ ਦਾ ਹੱਲਾਬੋਲ
Aam Aadmi Party protest; ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਬੀਤੇ ਦਿਨ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਬੀਜੇਪੀ ਦੇ ਖਿਲਾਫ ਸਰਹਿੰਦ ਵਿਸ਼ਵਕਰਮਾ ਚੌਂਕ ਨਜ਼ਦੀਕ ਰੋਸ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਵਰਕਰਾਂ ਨੇ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਅਮਲੋਹ ਦੇ ਗੁਰਿੰਦਰ ਸਿੰਘ ਗੈਰੀ ਬੜਿੰਗ,ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਹੋਰ ਆਪ ਆਗੂਆਂ ਨੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਭਾਜਪਾ ਵਿੱਚ ਸ਼ਾਮਲ ਹੋ ਜਾਂਦਾ ਹੈ ਤਾਂ ਉਸ ਨੂੰ ‘ਕਲੀਨ ਚਿੱਟ’ ਦੇ ਦਿੱਤੀ ਜਾਂਦੀ ਹੈ, ਪਰ ਜੋ ਨੇਤਾ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਨੂੰ ਕੇਂਦਰੀ ਏਜੰਸੀਆਂ ਰਾਹੀਂ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕੇਂਦਰ ਸਰਕਾਰ ਦੀਆਂ ਇਨ੍ਹਾਂ ਲੋਕਤੰਤਰ ਵਿਰੋਧੀ ਨੀਤੀਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।