ਪੰਜਾਬ ‘ਚ ਫਿਰ ਵੱਧੀ ਗਰਮੀ: 7 ਜ਼ਿਲ੍ਹਿਆਂ ‘ਚ ਮੀਂਹ ਤੇ ਤੂਫ਼ਾਨ ਦਾ ‘ਯੈਲੋ ਅਲਰਟ’, 17 ਮਈ ਤੋਂ Heatwave ਦਾ Alert
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਵੱਡੀ ਕਰਵਟ ਲੈਣ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ, ਉੱਥੇ ਹੀ ਦੂਜੇ ਪਾਸੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਭਾਰੀ ਵਾਧਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 17 ਮਈ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ‘ਲੂ’ (Heatwave) ਚੱਲਣ ਦਾ ਅਨੁਮਾਨ ਹੈ।
ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ:
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਨ੍ਹਾਂ ਖੇਤਰਾਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਬਿਜਲੀ ਗਰਜਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਸ਼ਾਮ ਨੂੰ ਵੀ ਪੂਰੇ ਸੂਬੇ ਵਿੱਚ ਆਏ ਤੇਜ਼ ਤੂਫ਼ਾਨ ਕਾਰਨ ਕਈ ਥਾਵਾਂ ‘ਤੇ ਨੁਕਸਾਨ ਹੋਇਆ ਸੀ।
ਤਾਪਮਾਨ ‘ਚ ਵਾਧਾ:
ਸੂਬੇ ਵਿੱਚ ਗਰਮੀ ਨੇ ਮੁੜ ਜ਼ੋਰ ਫੜ ਲਿਆ ਹੈ। ਫਰੀਦਕੋਟ 43.7 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ, ਜਦਕਿ ਬਠਿੰਡਾ ਵਿੱਚ ਪਾਰਾ 43.4 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ, ਪਟਿਆਲਾ ਅਤੇ ਚੰਡੀਗੜ੍ਹ ਵਿੱਚ ਵੀ ਤਾਪਮਾਨ 38 ਤੋਂ 40 ਡਿਗਰੀ ਦੇ ਵਿਚਕਾਰ ਰਿਹਾ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 7 ਦਿਨਾਂ ਵਿੱਚ ਪਾਰੇ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਤੱਕ ਦਾ ਹੋਰ ਵਾਧਾ ਹੋ ਸਕਦਾ ਹੈ।
15 ਮਈ ਤੋਂ ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋ ਰਹੀ ਹੈ, ਜਿਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਬੱਦਲਵਾਈ ਰਹਿ ਸਕਦੀ ਹੈ। ਇਸ ਦੇ ਨਾਲ ਹੀ 16 ਮਈ ਦੇ ਆਸ-ਪਾਸ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਸਾਜ਼ਗਾਰ ਬਣ ਰਹੇ ਹਨ।