ਐਡਵੋਕੇਟ ਗਗਨਦੀਪ ਜੰਮੂ ‘ਤੇ ਜਾਨਲੇਵਾ ਹਮਲਾ, ਕੁਰਾਲੀ ਨੇੜੇ ਗੱਡੀ ‘ਤੇ ਚਲੀਆਂ ਗੋਲੀਆਂ
ਮੋਹਾਲੀ: ਪੰਜਾਬ ਦੇ ਕੁਰਾਲੀ ਨੇੜੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਐਡਵੋਕੇਟ ਗਗਨਦੀਪ ਜੰਮੂ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੇ ਜਾਣ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇਹ ਵਾਰਦਾਤ ਰਾਤ ਕਰੀਬ 10 ਵਜੇ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਐਡਵੋਕੇਟ ਗਗਨਦੀਪ ਜੰਮੂ ਆਪਣੀ ਇਨੋਵਾ ਐਸ.ਯੂ.ਵੀ. ਗੱਡੀ ਵਿੱਚ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਅਣਪਛਾਤੇ ਹਮਲਾਵਰਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ ਦੀ ਗੱਡੀ ‘ਤੇ ਗੋਲੀਆਂ ਚਲਾ ਦਿੱਤੀਆਂ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਇਸ ਕਾਇਰਾਨਾ ਅਤੇ ਘਿਨਾਉਣੇ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਬਾਰ ਐਸੋਸੀਏਸ਼ਨ ਦੇ ਮੌਜੂਦਾ ਸਕੱਤਰ ਪਰਮਪ੍ਰੀਤ ਸਿੰਘ ਬਾਜਵਾ (ਹੈਰੀ) ਵੱਲੋਂ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ “ਇਹ ਹਮਲਾ ਸਿਰਫ਼ ਇੱਕ ਵਕੀਲ ‘ਤੇ ਨਹੀਂ, ਸਗੋਂ ਸਮੁੱਚੇ ਕਾਨੂੰਨੀ ਭਾਈਚਾਰੇ ਦੀ ਮਰਿਆਦਾ, ਆਜ਼ਾਦੀ ਅਤੇ ਨਿਡਰਤਾ ਨਾਲ ਕੰਮ ਕਰਨ ਦੇ ਅਧਿਕਾਰ ‘ਤੇ ਸਿੱਧਾ ਹਮਲਾ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਹਮਲੇ ਵਿੱਚ ਗਗਨਦੀਪ ਜੰਮੂ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਸਮੁੱਚਾ ਬਾਰ ਭਾਈਚਾਰਾ ਇਸ ਮੁਸ਼ਕਿਲ ਘੜੀ ਵਿੱਚ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹਾ ਹੈ।”
ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਵਕੀਲਾਂ ਲਈ ਢੁਕਵੀਂ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਬਾਰ ਦੇ ਮੈਂਬਰ ਬਿਨਾਂ ਕਿਸੇ ਡਰ ਜਾਂ ਭੈਅ ਦੇ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾ ਸਕਣ। ਫ਼ਿਲਹਾਲ ਕੁਰਾਲੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।