ਅਕਾਲੀ ਆਗੂ ਗ੍ਰਿਫ਼ਤਾਰ; ਅੱਧੀ ਰਾਤ ਨੂੰ ਐਸਐਸਪੀ ਦਫਤਰ ਬਾਹਰ ਭਾਰੀ ਹੰਗਾਮਾ
Akali Leader Arrested News: ਫਰੀਦਕੋਟ ਵਿੱਚ ਦੇਰ ਰਾਤ ਸਥਿਤੀ ਉਸ ਵੇਲੇ ਹੰਗਾਮਾ ਪੂਰਨ ਹੋ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸਤੀਸ਼ ਕੁਮਾਰ ਗਰੋਵਰ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਆਪਣੇ ਨਾਲ ਲਿਜਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਐਸਐਸਪੀ ਦਫਤਰ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੇ ਆਗੂ ਸਤੀਸ਼ ਸਰੋਵਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਵਜ੍ਹਾ ਦੱਸੀ ਜਾਵੇ।
ਗੌਰਤਲਬ ਹੈ ਕਿ ਦੋ ਦਿਨ ਪਹਿਲਾਂ ਨਾਮਜ਼ਦਗੀਆਂ ਪੱਤਰ ਦੀ ਪੜਚੋਲ ਸਮੇਂ ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਗਾਏ ਸਨ ਕਿ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਆ ਕੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਮਾਮੂਲੀ ਇਤਰਾਜਾਂ ਦੇ ਤਹਿਤ ਰੱਦ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਲਗਾਤਾਰ ਰਿਟਰਨਿੰਗ ਅਫਸਰ ਦੇ ਦਫਤਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ। ਹੁਣ ਮੰਨਿਆ ਜਾ ਰਿਹਾ ਕਿ ਇਸ ਦੇ ਚੱਲਦੇ ਹੀ ਪੁਲਿਸ ਵੱਲੋਂ ਕੁਝ ਅਕਾਲੀ ਆਗੂਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬੰਟੀ ਰੋਮਾਣਾ ਵੀ ਸ਼ਾਮਿਲ ਹਨ। ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਛੇ ਲੋਕਾਂ ਦੇ ਖਿਲਾਫ਼ ਬਾਇਨੇਮ ਅਤੇ ਕੁਝ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਕਾਰਨ ਕੱਲ੍ਹ ਸ਼ਾਮ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਤੀਸ਼ ਕੁਮਾਰ ਗਰੋਵਰ ਦੀ ਗ੍ਰਿਫਤਾਰੀ ਹੋਈ ਅਤੇ ਉਸ ਤੋਂ ਬਾਅਦ ਹੰਗਾਮੇ ਦੀਆਂ ਤਸਵੀਰਾਂ ਸਾਹਮਣੇ ਆਈਆਂ।
ਅੱਧੀ ਰਾਤ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਐਸਐਸਪੀ ਦਫਤਰ ਦੇ ਬਾਹਰ ਧਰਨਾ ਲਗਾਇਆ ਅਤੇ ਜੰਮ ਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਗੂਆਂ ਵੱਲੋਂ ਇਲਜ਼ਾਮ ਲਗਾਏ ਗਏ ਕਿ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਆਪਣੀ ਪਾਵਰ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਤੇ ਜਾਣਬੁੱਝ ਕੇ ਆਪਣੇ ਵਿਰੋਧੀਆਂ ਨੂੰ ਪੁਲਿਸ ਉਤੇ ਦਬਾਅ ਬਣਾ ਕੇ ਉਨ੍ਹਾਂ ਦੀਆਂ ਗ੍ਰਿਫਤਾਰੀਆਂ ਕਰਵਾਈਆਂ ਜਾ ਰਹੀਆਂ ਤਾਂ ਕਿ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਉਹ ਚੋਣ ਮੁਹਿੰਮ ਨਾ ਕਰ ਸਕਣ।
ਇਸ ਮੌਕੇ ਅਕਾਲੀ ਆਗੂ ਵਿਜੇ ਛਾਬੜਾ ਅਤੇ ਬੰਟੀ ਰੋਮਾਣਾ ਦੇ ਪਤਨੀ ਸ਼ੈਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੂੰ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਪਣੀ ਹਾਰ ਸਪਸ਼ਟ ਦਿਖਾਈ ਦੇ ਰਹੀ ਹੈ ਜਿਸ ਦੇ ਡਰ ਤੋਂ ਉਹ ਬੁਖਲਾ ਚੁੱਕੇ ਹਨ ਅਤੇ ਹੁਣ ਇਹ ਜਿਹੀਆਂ ਕੋਝੀਆਂ ਹਰਕਤਾਂ ਉਤੇ ਉਤਰੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਪਣੀ ਝੰਡੀ ਬੁਲੰਦ ਕਰੇਗਾ ਤੇ ਨਗਰ ਕੌਂਸਲ ਤੇ ਸਾਰੇ ਅਹੁਦਿਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕਾਬਜ਼ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵੀ ਵਰਕਰ ਉਨ੍ਹਾਂ ਦੀ ਇਸ ਦਬਾਅ ਦੀ ਨੀਤੀ ਹੇਠ ਨਹੀਂ ਆਉਣਗੇ ਅਤੇ ਡੱਟ ਕੇ ਮੁਕਾਬਲਾ ਕਰਨਗੇ।